ਨਵੀਂ ਦਿੱਲੀ – ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਵਪਾਰੀ ਅਮਨਦੀਪ ਸਿੰਘ ਢੱਲ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਹਾਲੇ ਸੀਬੀਆਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਵਪਾਰੀ ਢੱਲ ਨੂੰ ਜ਼ਮਾਨਤ ਦਿੰਦੇ ਹੋਏ ਦੱਸਿਆ ਹੈ ਕਿ ਇਸ ਵਿਅਕਤੀ ਨੂੰ ਪਹਿਲਾਂ ਹੀ ਮਨੀ ਲਾਂਡ੍ਰਿੰਗ ਵਿਚ ਜ਼ਮਾਨਤ ਮਿਲ ਚੁੱਕੀ ਹੈ।ਜਸਟਿਸ ਸੂਰੀਆਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਸੀਬੀਆਈ ਨੇ ਕਰੀਬ 300 ਗਵਾਹਾਂ ਕੋਲੋਂ ਪੁੱਛਗਿੱਛ ਕਰਨੀ ਹੈ ਤੇ ਮਾਮਲੇ ਵਿਚ ਸੁਣਵਾਈ ਹਾਲੇ ਸ਼ੁਰੂ ਨਹੀਂ ਹੋਈ ਹੈ। ਬੈਂਚ ਨੇ ਪਾਇਆ ਹੈ ਕਿ ਢੱਲ ਨੂੰ ਅਗਾਂਹ ਹਿਰਾਸਤ ਵਿਚ ਰੱਖਣ ਨਾਲ ਕੋਈ ਉਦੇਸ਼ ਪੂਰਾ ਨਹੀਂ ਹੋਵੇਗਾ ਤੇ ਟ੍ਰਾਇਲ ਕੋਰਟ ਵੱਲੋਂ ਲਗਾਏ ਗਏ ਨਿਯਮਾਂ ਤੇ ਸ਼ਰਤਾਂ ਅਧੀਨ ਉਨ੍ਹਾਂ ਨੂੰ ਛੋਟ ਦੇ ਦਿੱਤੀ ਗਈ ਹੈ। ਬੈਂਚ ਨੇ ਸੀਬੀਆਈ ਦੇ ਵਕੀਲ ਨੂੰ ਕਿਹਾ ਕਿ ਤੁਹਾਨੂੰ ਦੋਸ਼ ਸਿੱਧੀ ’ਤੇ ਧਿਆਨ ਦੇਣਾ ਚਾਹੀਦਾ ਹੈ। ਗ੍ਰਿਫ਼ਤਾਰੀਆਂ ਦੀ ਗਿਣਤੀ ਦੀ ਬਜਾਏ ਤੁਹਾਡੇ ਗਵਾਹਾਂ ਦੀ ਗੁਣਵੱਤਾ ’ਤੇ ਧਿਆਨ ਦੇਣ ਦੀ ਜ਼ਰੂਰਤ ਹੈ। ਸੀਬੀਆਈ ਨੇ ਅਪ੍ਰੈਲ 2023 ਵਿਚ ਢੱਲ ਨੂੰ ਹਿਰਾਸਤ ਵਿਚ ਲਿਆ ਸੀ। ਇਸ ਮਾਮਲੇ ਵਿਚ ਸਾਰੇ ਮੁਲਜ਼ਮਾਂ ਨੂੰ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਕੋਰਟ ਨੇ ਪਹਿਲਾਂ ਸੰਜੇ ਸਿੰਘ, ਮਨੀਸ਼ ਸਿਸੋਦੀਆ ਤੇ ਬਾਅਦ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਜ਼ਮਾਨਤ ਦੇ ਦਿੱਤੀ ਸੀ। ਇਸ ਮਾਮਲੇ ਵਿਚ ਜ਼ਮਾਨਤ ਦਿੰਦੇ ਹੋਏ ਬੈਂਚ ਵਿਚ ਸ਼ਾਮਲ ਜਸਟਿਸ ਉੱਜਲ ਭੂਈਆਂ ਨੇ ਢੱਲ ਨੂੰ ਕੇਸ ਵਿਚ ਸਹਿਯੋਗ ਕਰਨ ਦੀ ਹਦਾਇਤ ਕੀਤੀ ਹੈ।
ਦਿੱਲੀ ਸ਼ਰਾਬ ਘੁਟਾਲਾ ਕੇਸ ’ਚ ਢੱਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
