ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਰਾਸ਼ਟਰਪਤੀ ਨੂੰ ਅਪੀਲ ’ਤੇ SC ਦੀ ਰੋਕ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ’ਤੇ ਵਿਚਾਰ ਕਰਨ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਕੱਤਰ ਨੂੰ ਦਿੱਤੇ ਨਿਰਦੇਸ਼ ’ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ।

ਸਰਬਉੱਚ ਅਦਾਲਤ ਨੇ ਸੋਮਵਾਰ ਸਵੇਰੇ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦਾ ਮਾਮਲਾ ਰਾਸ਼ਟਰਪਤੀ ਸਾਹਮਣੇ ਰੱਖਣ ਅਤੇ ਦੋ ਹਫ਼ਤੇ ਦੇ ਅੰਦਰ ਇਸ ’ਤੇ ਵਿਚਾਰ ਕਰਨ ਦੀ ਅਪੀਲ ਕਰਨ ਦਾ ਉਨ੍ਹਾਂ ਦੇ ਸਕੱਤਰ ਨੂੰ ਹੁਕਮ ਦਿੱਤਾ ਸੀ ਪਰ ਉਸ ਤੋਂ ਬਾਅਦ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮੁੱਦੇ ’ਤੇ ਇਹ ਨਿਰਦੇਸ਼ ਨਹੀਂ ਦੇਣਾ ਚਾਹੀਦਾ ਅਤੇ ਇਸ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ। ਉਨ੍ਹਾਂ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੂੰ ਦੱਸਿਆ ਕਿ ਮਾਮਲਾ ਰਾਸ਼ਟਰਪਤੀ ਕੋਲ ਨਹੀਂ ਬਲਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਕੋਲ ਹੈ। ਇਸ ’ਤੇ ਬੈਂਚ ਨੇ ਸਾਲਿਸਿਟਰ ਜਨਰਲ ਦੀ ਬੇਨਤੀ ਮੰਨ ਲਈ ਅਤੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਹੀ ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਕਿਹਾ ਕਿ ਉਹ ਬੇਅੰਤ ਸਿੰਘ ਹੱਤਿਆਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦਾ ਮਾਮਲਾ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਅਤੇ ਦੋ ਹਫ਼ਤੇ ਦੇ ਅੰਦਰ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕਰਨ। ਬੈਂਚ ਨੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਦੇ ਅੰਦਰ ਰਹਿਮ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕੀਤਾ ਜਾਂਦਾ ਹੈ ਤਾਂ ਉਹ ਅੰਤਰਿਮ ਰਾਹਤ ਦੇਣ ਦੀ ਪਟੀਸ਼ਨ ’ਤੇ ਵਿਚਾਰ ਕਰੇਗਾ।

ਮੌਤ ਦੀ ਸਜ਼ਾ ਪ੍ਰਾਪਤ ਕੈਦੀ ਰਾਜੋਆਣਾ ਨੂੰ 1995 ਵਿਚ ਤੱਤਕਾਲੀਨ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ। ਅੱਤਵਾਦੀ ਜਥੇਬੰਦੀ ਬੱਬਰ ਖ਼ਾਲਸਾ ਦੇ ਕਾਰਕੁੰਨ ਰਾਜੋਆਣਾ ਨੇ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਆਪਣੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ। ਪਹਿਲਾਂ ਰਾਜੋਆਣਾ ਨੇ ਸਰਬਉੱਚ ਅਦਾਲਤ ਨੂੰ ਅਸਥਾਈ ਰਿਹਾਈ ਦੀ ਬੇਨਤੀ ਕਰਦੇ ਹੋਏ ਕਿਹਾ ਸੀ ਕਿ ਉਹ ਲਗਪਗ 29 ਸਾਲਾਂ ਤੋਂ ਜੇਲ੍ਹ ਵਿਚ ਹੈ। ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਨ੍ਹਾਂ ਦੀ ਹੱਤਿਆ 31 ਅਗਸਤ, 1995 ਨੂੰ ਚੰਡੀਗੜ੍ਹ ਵਿਚ ਇਕ ਬੰਬ ਧਮਾਕੇ ਵਿਚ ਕੀਤੀ ਗਈ ਸੀ।