ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਰਕਾਰ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ ‘ਚ ਪੱਟੀਆਂ ਪਾ ਕੇ ਸੇਵਾ ਕਰਨਗੇ। ਸੁਖਬੀਰ ਦੀ ਲੱਤ ‘ਤੇ ਪਲਾਸਟਰ ਹੋਣ ਕਾਰਨ ਉਨ੍ਹਾਂ ਨੂੰ ਬਰਸ਼ਾ ਲੈ ਕੇ ਵ੍ਹੀਲ ਚੇਅਰ ‘ਤੇ ਬੈਠ ਕੇ ਮੁੱਖ ਗੇਟ ‘ਤੇ ਇਕ ਘੰਟੇ ਦੀ ਸੇਵਾ ਤੇ ਫਿਰ ਲੰਗਰ ਦੇ ਬਰਤਨ ਧੋਣ ਦੀ ਸੇਵਾ ਦਿੱਤੀ ਗਈ ਹੈ। ਉਨ੍ਹਾਂ ਦੇ ਗਲਾਂ ‘ਚ ਤਖ਼ਤੀਆਂ ਪਾਈਆਂ ਗਈਆਂ ਹਨ। ਤਨਖਾਹ ਭੁਗਤਣ ਲਈ ਕੱਲ੍ਹ ਤੋਂ ਸੇਵਾ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰਨ ਦੇ ਆਦੇਸ਼ ਹੋਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ ਦਿੱਤੇ ਗਏ ਹਨ।
ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਹੂਲਤਾਂ ਮੰਗਲਵਾਰ 12 ਵਜੇ ਤਕ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਗਿਆਨੀ ਗੁਰਮੁਖ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਤੋਂ ਹਟਾਉਣ ਤੇ ਅੰਮ੍ਰਿਤਸਰ ਤੋਂ ਬਾਹਰ ਡਿਊਟੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਦੋਵਾਂ ਸਾਬਕਾ ਜਥੇਦਾਰ ਵੱਲੋਂ ਦਿੱਤਾ ਸਪਸ਼ਟੀਕਰਨ ਵੀ ਪ੍ਰਵਾਣ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਉੱਪਰ ਧਾਰਮਿਕ ਸਮਾਗਮਾਂ ‘ਚ ਬੋਲਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ।