ਲੁਧਿਆਣਾ ਵਿੱਚ ਹੋਏ ਪੁਲੀਸ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ

ਲੁਧਿਆਣਾ-ਇੱਥੋਂ ਨਜ਼ਦੀਕੀ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਨੂੰ ਜਾਣ ਵਾਲੀ ਸੜਕ ’ਤੇ ਬੀਤੀ ਦੇਰ ਰਾਤ ਨਾਕੇ ਦੌਰਾਨ ਪੁਲੀਸ ਮੁਕਾਬਲੇ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਮੁਲਾਜ਼ਮਾਂ ਨੇ ਜਦੋਂ ਨਾਕੇਬੰਦੀ ਦੌਰਾਨ ਇੱਕ ਅਗਵਾ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੇ ਪੱਟ ਵਿੱਚ ਗੋਲੀ ਲੱਗੀ। ਗੋਲੀ ਲੱਗਣ ਮਗਰੋਂ ਮੁਲਜ਼ਮ ਡਿੱਗ ਗਿਆ। ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਮੁਲਜ਼ਮ ਦੀ ਪਛਾਣ ਗੁਲਾਬ ਸਿੰਘ ਵਾਸੀ ਹੈਦਰ ਨਗਰ ਕੂੰਮਕਲਾਂ ਵਜੋਂ ਹੋਈ ਹੈ। ਪੁਲੀਸ ਨੇ ਉਸ ਕੋਲੋਂ .32 ਬੋਰ ਦਾ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਮਾਮਲੇ ਸਬੰਧੀ ਗੁਲਾਬ ਸਿੰਘ ਖ਼ਿਲਾਫ਼ ਥਾਣਾ ਜਮਾਲਪੁਰ ਵਿੱਚ ਅਸਲਾ ਐਕਟ ਦੇ ਨਾਲ-ਨਾਲ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਦੇ ਠੀਕ ਹੋਣ ਦੀ ਉਡੀਕ ਕਰ ਰਹੀ ਹੈ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸੀਆਈਏ ਵਿੱਚ ਤਾਇਨਾਤ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਸਾਈਕਲ ਵੈਲੀ ਰੋਡ ’ਤੇ ਨਾਕਾ ਲਾਇਆ ਹੋਇਆ ਸੀ।

ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਗੁਲਾਬ ਸਿੰਘ, ਜੋ ਕਿ ਜਲੰਧਰ ਦਿਹਾਤੀ ਪੁਲੀਸ ਨੂੰ ਸ਼ਾਹਕੋਟ ’ਚ ਇੱਕ ਅਗਵਾ ਮਾਮਲੇ ’ਚ ਲੋੜੀਂਦਾ ਹੈ, ਮੋਟਰਸਾਈਕਲ ’ਤੇ ਸਾਈਕਲ ਵੈਲੀ ਰੋਡ ਤੋਂ ਜਾ ਰਿਹਾ ਹੈ। ਇਸ ਮਗਰੋਂ ਪੁਲੀਸ ਨੇ ਨਾਕਾਬੰਦੀ ਕਰ ਦਿੱਤੀ। ਪੁਲੀਸ ਨੇ ਜਦੋਂ ਮੁਲਜ਼ਮ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲੀਸ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਕਿਸੇ ਤਰ੍ਹਾਂ ਪੁਲੀਸ ਮੁਲਾਜ਼ਮਾਂ ਨੇ ਆਪਣਾ ਬਚਾਅ ਕੀਤਾ ਅਤੇ ਸਥਿਤੀ ਸੰਭਾਲਦਿਆਂ ਜਵਾਬੀ ਕਾਰਵਾਈ ਕੀਤੀ। ਪੁਲੀਸ ਵੱਲੋਂ ਕੀਤੀ ਫਾਇਰਿੰਗ ਦੌਰਾਨ ਇੱਕ ਗੋਲੀ ਮੁਲਜ਼ਮ ਦੇ ਪੱਟ ਵਿੱਚ ਲੱਗੀ। ਜ਼ਖ਼ਮੀ ਹੋਣ ਮਗਰੋਂ ਉਹ ਮੋਟਰਸਾਈਕਲ ਤੋਂ ਹੇਠਾਂ ਡਿੱਗ ਗਿਆ ਅਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ। ਏਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚਾਰ-ਪੰਜ ਅਪਰਾਧਕ ਮਾਮਲੇ ਦਰਜ ਹਨ। ਉਸ ਖ਼ਿਲਾਫ਼ ਸ਼ਾਹਕੋਟ ਵਿੱਚ ਕੁਝ ਸਮਾਂ ਪਹਿਲਾਂ ਹੀ ਅਗਵਾ ਦਾ ਮਾਮਲਾ ਦਰਜ ਹੋਇਆ ਹੈ। ਉਹ ਮਿਹਰਬਾਨ ਵਿੱਚ ਸ਼ਰਾਬ ਤਸਕਰੀ ਦੇ ਮਾਮਲੇ ਵਿੱਚ ਵੀ ਪੁਲੀਸ ਨੂੰ ਲੰਮੇ ਸਮੇਂ ਤੋਂ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ।