ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ’ਤੇ ਹਰੀਸ਼ ਰਾਵਤ ਨੇ ਮੁਆਫ਼ੀ ਮੰਗੀ

ਚੰਡੀਗੜ੍ਹ

ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨਾਂ ਦੀ ਪੰਜ ਪਿਆਰੇ ਨਾਲ ਤੁਲਨਾ ਕਰਨ ਤੋਂ ਇੱਕ ਦਿਨ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਮੁਆਫੀ ਮੰਗੀ ਹੈ। ਸ੍ਰੀ ਰਾਵਤ ਨੇ ਕਿਹਾ ਕਿ ਉਨ੍ਹਾਂ ਦਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਦਾ ਕੋਈ ਇਰਾਦਾ ਨਹੀਂ ਸੀ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨਾ ਗਲਤ ਸੀ। ਉਨ੍ਹਾਂ ਕਿਹਾ ਕਿ ਉਹ ਪੰਜ ਪਿਆਰਿਆਂ ਨੂੰ ਬਹੁਤ ਸਤਿਕਾਰ ਦਿੰਦੇ ਹਨ ਅਤੇ ਉਨ੍ਹਾਂ ਨੇ ਉੱਤਰਾਖੰਡ ਵਿੱਚ ਸਿੱਖ ਧਰਮ ਨਾਲ ਸਬੰਧਤ ਸਥਾਨਾਂ ਦੀ ਬਿਹਤਰੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ-ਜਾਣ ਵਾਲਿਆਂ ਲਈ ਸੁਚਾਰੂ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਗੁਰਦੁਆਰਾ ਨਾਨਕ ਮੱਤਾ ਸਾਹਿਬ ਅਤੇ ਰੀਠਾ ਸਾਹਿਬ ਵਿਚਕਾਰ ਸੜਕ ਸੰਪਰਕ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।