ਸੰਗਰੂਰ ਵਿੱਚ ਕਿਸਾਨਾਂ ਵੱਲੋਂ ਭਾਜਪਾ ਦੀ ਮੀਟਿੰਗ ਦਾ ਵਿਰੋਧ

ਸੰਗਰੂਰ

ਭਾਜਪਾ ਦੇ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਵੱਲੋਂ ਪਾਰਟੀ ਵਰਕਰਾਂ ਨਾਲ ਰੱਖੀ ਮੀਟਿੰਗ ਖ਼ਿਲਾਫ਼ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਇੱਥੇ ਪਟਿਆਲਾ ਰੋਡ ਸਥਿਤ ਭਾਜਪਾ ਆਗੂ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨਾਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਰਾਜਿੰਦਰ ਬਿੱਟਾ ਅੱਜ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ। ਮੀਟਿੰਗ ਦਾ ਪਤਾ ਲੱਗਦਿਆਂ ਹੀ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਰਿਹਾਇਸ਼ ਨੇੜੇ ਪੁੱਜ ਗਏ ਅਤੇ ਰੋਸ ਧਰਨਾ ਦਿੰਦਿਆਂ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੀਆਂ ਜ਼ਮੀਨਾਂ ਬਚਾਉਣ ਲਈ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਲੜ ਰਿਹਾ ਹੈ ਪਰ ਭਾਜਪਾ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਕੁਰਸੀ ਖਾਤਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲਗਾਤਾਰ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਲਈ ਵੱਖ ਵੱਖ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅੜੀਅਲ ਰਵੱਈਆ ਅਖਤਿਆਰ ਕੀਤਾ ਹੋਇਆ ਹੈ ਪਰ ਕਿਸਾਨ ਵੀ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੇ ਵਿਰੋਧ ਕਾਰਨ ਭਾਜਪਾ ਓਬੀਸੀ ਮੋਰਚਾ ਦੇ ਪ੍ਰਧਾਨ ਇਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਮੀਟਿੰਗ ਨਹੀਂ ਕਰ ਸਕੇ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਦੇ ਵਿਰੋਧ ਕਾਰਨ ਇਥੋਂ ਮੀਟਿੰਗ ਰੱਦ ਕਰਵਾ ਦਿੱਤੀ। ਧਰਨੇ ਨੂੰ ਕਿਰਪਾਲ ਸਿੰਘ, ਗੋਬਿੰਦਰ ਸਿੰਘ ਬਡਰੁੱਖਾਂ, ਸੁਖਪਾਲ ਮਾਣਕ, ਰਾਮਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇਵਾਲਾ, ਬਲਦੇਵ ਸਿੰਘ ਬੱਗੂਆਣਾ, ਚਮਕੌਰ ਸਿੰਘ ਬਹਾਦਰਪੁਰ, ਹੈਪੀ ਸ਼ੇਰੋਂ ਅਤੇ ਕਰਮਜੀਤ ਸਿੰਘ ਭੰਮਾਂਬੱਦੀ ਨੇ ਸੰਬੋਧਨ ਕੀਤਾ।