ਚੰਡੀਗੜ੍ਹ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਕੈਬਨਿਟ ਵਲੋਂ ਕਣਕ ਦੀ ਐੱਮਐੱਸਪੀ ਵਿੱਚ ਕੀਤੇ ਵਾਧੇ ਨੂੰ ਸ਼ਰਮਨਾਕ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਮੁਸੀਬਤ ਵਿੱਚ ਘਿਰੇ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਇਹ ਲੂਣ ਭੁੱਕਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਭਾਰਤ ਦਾ ਖੇਤੀਬਾੜੀ ਖੇਤਰ ਔਖੇ ਸਮੇਂ ਵਿਚੋਂ ਲੰਘ ਰਿਹਾ ਹੈ ਅਤੇ ਕਿਸਾਨ ਢੁਕਵੀਂ ਐੱਮਐੱਸਪੀ ਲਈ ਅੰਦੋਲਨ ਕਰ ਰਹੇ ਹਨ, ਅਜਿਹੇ ਸਮੇਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੇ ਅੰਨਦਾਤਿਆਂ ਨਾਲ ਕੋਝਾ ਮਜ਼ਾਕ ਕੀਤਾ ਹੈ। ਕਣਕ ਦੀ ਐੱਮਐੱਸਪੀ ਨੂੰ ਪ੍ਰਤੀ ਕੁਇੰਟਲ 2830 ਰੁਪਏ ਨਿਰਧਾਰਤ ਕੀਤੇ ਜਾਣ (ਕੇਂਦਰ ਦੁਆਰਾ ਅੱਜ ਐਲਾਨੀ 2015 ਰੁਪਏ ਪ੍ਰਤੀ ਕੁਇੰਟਲ ਦੀ ਨਿਗੂਣੀ ਜਿਹੀ ਕੀਮਤ ਦੀ ਥਾਂ) ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਉਪਭੋਗਤਾਵਾਂ ਨੂੰ ਆਰਥਿਕ ਛੋਟ ਦੇਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਰਾਹਤ ਤਾਂ ਉਹ ਪਿਛਲੇ ਕਾਫ਼ੀ ਸਮੇਂ ਤੋਂ ਦਿੰਦੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਸੂਬੇ ਵਿੱਚ ਕਣਕ ਦੀ ਪੈਦਾਵਾਰ ਦੀ ਲਾਗਤ ਨੂੰ ਮੁੱਖ ਰੱਖਦਿਆਂ ਪ੍ਰਤੀ ਕੁਇੰਟਲ 2830 ਰੁਪਏ ਐੱਮਐੱਸਪੀ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸੀਏਸੀਪੀ ਦੇ ਅਨੁਮਾਨਾਂ ਮੁਤਾਬਕ ਬੀਤੇ ਵਰੇ ਸਿਰਫ਼ ਵਿਸਥਾਰਤ ਉਤਪਾਦਨ ਲਾਗਤ ਹੀ 3.5 ਫੀਸਦ ਵਧ ਗਈ ਸੀ ਅਤੇ ਇਸ ਨਾਲ ਤਾਂ ਲਾਗਤ ਖ਼ਰਚਿਆਂ ਵਿਚਲੀ ਮੁਦਰਾ ਸਫੀਤੀ ਵੀ ਪੂਰੀ ਨਹੀਂ ਪੈਂਦੀ । ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕਣਕ ਦੀ ਐੱਮਐੱਸਪੀ ਹਾੜ੍ਹੀ ਦੇ ਸੀਜ਼ਨ (2021-22) ਵਿੱਚ 1975 ਰੁਪਏ ਪ੍ਰਤੀ ਕੁਇੰਟਲ ਤੋਂ ਵਧਦੀ ਹੋਈ ਹਾੜ੍ਹੀ(2022-23) ਲਈ 2015 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈ ਹੈ ਜੋ ਕਿ ਬੀਤੇ ਵਰ੍ਹੇ ਦੇ ਮੁਕਾਬਲੇ ਸਿਰਫ਼ 2 ਫ਼ੀਸਦੀ ਵਾਧਾ ਹੈ ਪਰ ਲਾਗਤ ਖਰਚੇ ਕਾਫ਼ੀ ਵਧ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਰ੍ਹੇ ਉਜਰਤਾਂ ਵਿੱਚ 7 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ 4 ਫੀਸਦੀ ਅਤੇ ਮਸ਼ੀਨਰੀ ਦੀ ਕੀਮਤ ਇਸ ਸਮੇਂ ਦੌਰਾਨ ਤਕਰੀਬਨ 20 ਫੀਸਦੀ ਵਧ ਗਈ ਹੈ।