ਪੰਜਾਬ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 24689 ਹੋਈ: ਡਾ. ਰਾਜੂ

ਚੰਡੀਗੜ੍ਹ,

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਅੱਜ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਇੱਕ ਪੋਲਿੰਗ ਬੂਥ ਵਿੱਚ ਆਉਣ ਵਾਲੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਡਾ. ਰਾਜੂ ਨੇ ਇਹ ਵੀ ਕਿਹਾ ਕਿ ਪ੍ਰਕਿਰਿਆ ਤੋਂ ਬਾਅਦ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋੜੀਂਦੀਆਂ ਈਵੀਐਮਜ਼ ਦਾ ਪ੍ਰਬੰਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 10500 ਕੰਟਰੋਲ ਯੂਨਿਟਾਂ (ਸੀਯੂ) ਅਤੇ 21100 ਵੀਵੀਪੈਟ ਮਸ਼ੀਨਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨਾਲ ਸੀਈਓ ਪੰਜਾਬ ਦਫ਼ਤਰ ਕੋਲ 45316 ਬੈਲੇਟ ਯੂਨਿਟਾਂ (ਬੀਯੂ), 34942 ਕੰਟਰੋਲਿੰਗ ਯੂਨਿਟਾਂ (ਸੀਯੂ) ਅਤੇ 37576 ਵੀਵੀਪੈਟ ਮਸ਼ੀਨਾਂ ਹੋ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਮਸ਼ੀਨਾਂ ਨੂੰ ਲਿਆਉਣ ਸਮੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਐੱਸਓਪੀਜ਼ ਦੀ ਪਾਲਣਾ ਕੀਤੀ ਜਾ ਰਹੀ ਹੈ। ਡਾ. ਰਾਜੂ ਨੇ ਕਿਹਾ ਕਿ ਜ਼ਿਲ੍ਹਾਵਾਰ ਨੋਡਲ ਅਫਸਰ ਇਨ੍ਹਾਂ ਮਸ਼ੀਨਾਂ ਨੂੰ ਮੱਧ ਪ੍ਰਦੇਸ਼ ਤੋਂ ਜੀਪੀਐੱਸ ਫਿੱਟ ਕੀਤੇ ਵਿਸ਼ੇਸ਼ ਟ੍ਰਾਂਸਪੋਰਟ ਕੰਟੇਨਰਾਂ ਵਿੱਚ ਢੁੱਕਵੀਂ ਸਕੈਨਿੰਗ ਬਾਅਦ ਸਖ਼ਤ ਸੁਰੱਖਿਆ ਅਧੀਨ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਈਵੀਐਮ-ਵੀਵੀਪੈਟ ਸੁਰੱਖਿਅਤ ਢੰਗ ਨਾਲ ਜ਼ਿਲ੍ਹਾ ਹੈੱਡਕੁਆਰਟਰ ਪਹੁੰਚ ਗਈਆਂ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਇਹ ਮਸ਼ੀਨਾਂ ਦੋ ਦਿਨਾਂ ਦੇ ਅੰਦਰ ਪਹੁੰਚ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫਐੱਲਸੀ) ਨਿਰਧਾਰਤ ਸਮੇਂ ਵਿੱਚ ਐਸਓਪੀਜ਼ ਅਨੁਸਾਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਜਾਵੇਗੀ।