ਚੰਡੀਗੜ੍ਹ,
ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਅੱਜ ਕਿਸਾਨ ਬੁਲਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦਿੱਤੀ ਨਸੀਹਤ ਨੂੰ ਕਿਸਾਨ ਅੰਦੋਲਨ ਵਿਰੋਧੀ ਕਰਾਰ ਦਿੱਤਾ। ਪੰਜਾਬ ਭਰ ਦੇ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਮਾਲਾਂ, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਜਾਰੀ ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲਾਂ ਦੌਰਾਨ ਕੁਝ ਵੀ ਨਹੀਂ ਕੀਤਾ ਅਤੇ ਹੁਣ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਜਿਵੇਂ ਹੀ ਉਹ ਹਰ ਪਾਸਿਓਂ ਘਿਰਦੇ ਦਿਖਾਈ ਦੇ ਰਹੇ ਹਨ ਤਾਂ ਆਪਣੀ ਸਰਕਾਰ ਦੀਆਂ ਨਾਕਾਮੀਆਂ ਦਾ ਭਾਂਡਾ ਕਿਸਾਨਾਂ ਦੇ ਸਿਰ ਭੰਨਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗਿਆਰਾਂ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਨੇ ਹਾਲੇ ਤੱਕ ਤਾਂ ਸਰਕਾਰ ਦੇ ਵਿਕਾਸ ਕਾਰਜਾਂ ’ਚ ਕੋਈ ਅੜਿੱਕਾ ਨਹੀਂ ਪਾਇਆ। ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਅੰਦੋਲਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਦਾ ਬਿਆਨ ਅਸਲ ਵਿੱਚ ਕਾਰਪੋਰੇਟ ਪੱਖੀ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਦੀ ਜਨਮ ਦਾਤੀ ਕਾਂਗਰਸ ਪਾਰਟੀ ਹੀ ਹੈ। ਉਹ ਕਾਂਗਰਸੀ ਆਗੂ ਮਨਮੋਹਨ ਸਿੰਘ ਹੀ ਸਨ, ਜਿਨ੍ਹਾਂ 1991 ਵਿੱਚ ਖੁੱਲ੍ਹੀ ਮੰਡੀ ਦੀਆਂ ਪੈਰੋਕਾਰ ਨੀਤੀਆਂ ਦੀ ਸ਼ੁਰੂਆਤ ਕੀਤੀ ਸੀ। ਆਗੂਆਂ ਨੇ ਪਿਛਲੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸੇਬ ਉਤਪਾਦਕਾਂ ਵੱਲੋਂ ਕੀਤੇ ਰੋਸ ਮੁਜ਼ਾਹਰਿਆਂ ਨੂੰ ਸ਼ੁਭ ਸੰਕੇਤ ਆਖਿਆ। ਆਗੂਆਂ ਨੇ ਕਿਹਾ ਕਿ ਸੇਬ ਉਤਪਾਦਕ ਸਮਝ ਚੁੱਕੇ ਹਨ ਕਿ ਅਡਾਨੀ ਕਾਰਪੋਰੇਟ ਘਰਾਣੇ ਨੇ ਕੋਲਡ ਸਟੋਰ ਕਿਸਾਨਾਂ ਦੇ ਫਾਇਦੇ ਲਈ ਨਹੀਂ ਬਣਾਏ ਬਲਕਿ ਸੇਬ ਮੰਡੀ ਨੂੰ ਕੰਟਰੋਲ ਕਰਨ ਅਤੇ ਕੀਮਤਾਂ ਨੂੰ ਆਪਣੀ ਮਰਜ਼ੀ ਅਨੁਸਾਰ ਤੈਅ ਕਰਨ ਲਈ ਬਣਾਏ ਹਨ।