ਨਵੀਂ ਦਿੱਲੀ,
ਪੁਲੀਸ ਵੱਲੋਂ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਤੋਂ ਬਾਅਦ ਲੱਖਾਂ ਕਿਸਾਨਾਂ ਨੂੰ ਰਾਜਧਾਨੀ ਦੀਆਂ ਹੱਦਾਂ ’ਤੇ ਬੈਠਿਆਂ ਅੱਜ 300 ਦਿਨ ਹੋ ਗਏ ਹਨ। ਵਿਰੋਧ ਕਰ ਰਹੇ ਕਿਸਾਨ ਸ਼ਾਂਤੀ ਨਾਲ ਖੇਤੀਬਾੜੀ ’ਤੇ ਕਾਰਪੋਰੇਟ ਕਬਜ਼ੇ ਵਿਰੁੱਧ ਆਪਣੇ ਵਿਰੋਧ ਦਾ ਸੰਚਾਰ ਕਰ ਰਹੇ ਹਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ 26 ਨਵੰਬਰ 2020 ਤੋਂ ਕਿਸਾਨ ਰਾਜ ਮਾਰਗਾਂ ਉਤੇ ਬੈਠੇ ਹਨ। ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਸਪੱਸ਼ਟ ਹਨ ਤੇ ਮੋਦੀ ਸਰਕਾਰ ਨੂੰ ਪਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਪਰ ਇਸ ਦੇ ਬਾਵਜੂਦ ਸਰਕਾਰ ਸਹਿਮਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਹ ਇਤਿਹਾਸਕ ਅੰਦੋਲਨ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੀ ਇੱਛਾ, ਸੰਕਲਪ ਅਤੇ ਉਮੀਦ ਦੀ ਗਵਾਹੀ ਭਰਦਾ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੋਰਚਾ ਅੰਦੋਲਨ ਨੂੰ ਮਜ਼ਬੂਤ ਕਰਨ, ਅੱਗੇ ਵਧਣ ਅਤੇ ਇਸ ਨੂੰ ਵਧੇਰੇ ਵਿਆਪਕ ਬਣਾਉਣ ਦਾ ਅਹਿਦ ਵੀ ਲੈਂਦਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 27 ਸਤੰਬਰ ਨੂੰ ‘ਭਾਰਤ ਬੰਦ’ ਨੂੰ ਸਫਲ ਬਣਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਕਿਸਾਨ ਆਗੂ ਹਨਨ ਮੌਲਾ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਕਰਮਚਾਰੀਆਂ ਅਤੇ ਵਿਦਿਆਰਥੀ ਯੂਨੀਅਨਾਂ, ਔਰਤਾਂ ਦੀਆਂ ਜਥੇਬੰਦੀਆਂ, ਟਰਾਂਸਪੋਰਟਰ ਐਸੋਸੀਏਸ਼ਨਾਂ ਨੂੰ ਮੋਰਚਿਆਂ ਨਾਲ ਜੋੜਿਆ ਜਾ ਰਿਹਾ ਹੈ।