ਐੱਸਏਐੱਸ ਨਗਰ (ਮੁਹਾਲੀ)
ਕੱਚੇ ਅਧਿਆਪਕਾਂ ਵੱਲੋਂ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ, ਪਰ ਪੁਲੀਸ ਨੇ ਉਨ੍ਹਾਂ ਦਾ ਰਾਹ ਰੋਕ ਲਿਆ ਤੇ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਇਸ ਮਗਰੋਂ ਧਰਨਾਕਾਰੀ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ। ਉੱਧਰ ਕੱਚੇ ਅਧਿਆਪਕ ਯੂਨੀਅਨ ਪੰਜਾਬ ਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਸ਼ਾਂਤਮਈ ਲੜੀਵਾਰ ਧਰਨਾ ਐਤਵਾਰ ਨੂੰ 105ਵੇਂ ਦਿਨ ਵੀ ਜਾਰੀ ਰਿਹਾ। ਕੱਚੇ ਅਧਿਆਪਕਾਂ ਨੇ ਪਹਿਲਾਂ ਵਾਈਪੀਐੱਸ ਚੌਕ ਰਾਹੀਂ ਚੰਡੀਗੜ੍ਹ ਵੱਲ ਕੂਚ ਕਰਨ ਸੀ, ਪਰ ਉਥੇ ਪੁਲੀਸ ਨੇ ਬੈਰੀਕੇਡ ਲਾਏ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਪੁਲੀਸ ਨੂੰ ਝਕਾਨੀ ਦੇ ਕੇ ਵਾਈਪੀਐੱਸ ਦੀ ਥਾਂ ਬੁੜੈਲ ਜੇਲ੍ਹ ਦੇ ਪਿੱਛਿਓਂ ਚੰਡੀਗੜ੍ਹ ਵਿੱਚ ਦਾਖਲ ਹੋਣ ਦਾ ਯਤਨ ਕੀਤਾ, ਪਰ ਪੁਲੀਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਿਸ ਕਾਰਨ ਸਾਰੇ ਕੱਚੇ ਅਧਿਆਪਕ ਲਈਅਰ ਵੈਲੀ ਪਾਰਕ ਫੇਜ਼-9 ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ ਜਾਮ ਕਰਕੇ ਧਰਨੇ ’ਤੇ ਬੈਠ ਗਏ।
ਇਸ ਮਗਰੋਂ ਮੁਹਾਲੀ ਪ੍ਰਸ਼ਾਸਨ ਨੇ ਨਿੱਜੀ ਦਖਲ ਦੇ ਕੇ ਮੁੱਖ ਮੰਤਰੀ ਦੇ ਪ੍ਰਾਈਵੇਟ ਸੈਕਟਰੀ ਕਿਸ਼ੋਰ ਯਾਦਵ ਨਾਲ ਮੁਲਾਕਾਤ ਕਰਵਾਈ ਤੇ ਉਨ੍ਹਾਂ ਕੱਚੇ ਅਧਿਆਪਕਾਂ ਤੋਂ ਮੰਗ ਪੱਤਰ ਹਾਸਲ ਕਰਕੇ ਕਿਹਾ ਕਿ ਮੰਤਰੀ ਮੰਡਲ ਦਾ ਗਠਨ ਹੋਣ ਮਗਰੋਂ ਉਨ੍ਹਾਂ ਦੀ ਪੈਨਲ ਮੀਟਿੰਗ ਕਰਵਾਈ ਜਾਵੇਗੀ ਤੇ ਮੰਗਾਂ ਵਿਚਾਰੀਆਂ ਜਾਣਗੀਆਂ। ਇਸ ਮਗਰੋਂ ਸ਼ਾਮ ਨੂੰ ਕੱਚੇ ਅਧਿਆਪਕ ਜਾਮ ਖੋਲ੍ਹ ਕੇ ਦੁਬਾਰਾ ਸਿੱਖਿਆ ਭਵਨ ਮੁਹਾਲੀ ਦੇ ਬਾਹਰ ਆ ਕੇ ਧਰਨੇ ’ਤੇ ਬੈਠ ਗਏ।
ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਕਿਹਾ ਕਿ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਦੀ ਕੱਚੇ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਦੇ ਚੱਲਦਿਆਂ ਅੱਜ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ ਹੈ।
ਪੱਕੀ ਨੌਕਰੀ ਦੀ ਮੰਗ ਸਬੰਧੀ ਅੱਜ ਸਵੇਰੇ ਕੁਝ ਕੱਚੇ ਅਧਿਆਪਕ ਪੈਟਰੋਲ ਦੀਆਂ ਭਰੀਆਂ ਬੋਤਲਾਂ ਲੈ ਕੇ ਸਤਲੁਜ ਦਰਿਆ ’ਤੇ ਬਣੇ ਰੂਪਨਗਰ ਹੈੱਡਵਰਕਸ ਦੇ ਗੇਟਾਂ ਦੀ ਰੇਲਿੰਗ ’ਤੇ ਚੜ੍ਹ ਗਏ। ਇਸ ਮੌਕੇ ਹੋਰਨਾਂ ਕੱਚੇ ਅਧਿਆਪਕਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਕੱਚਾ ਅਧਿਆਪਕ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਪੱਕੇ ਕਰੇ ਅਤੇ ਉਨ੍ਹਾਂ ਦੀ ਤਨਖ਼ਾਹ ਵਿੱਚ ਵੀ ਵਾਧਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਵੀ ਮੰਗਿਆ ਤਾਂ ਜੋ ਉਹ ਆਪਣੀਆਂ ਮੰਗਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਸਕਣ। ਇਸ ਦੌਰਾਨ ਧਰਨਾਕਾਰੀਆਂ ਵਿੱਚੋਂ ਕੁਝ ਵਿਅਕਤੀ ਹੈੱਡਵਰਕਸ ਦੇ ਗੇਟਾਂ ਦੀ ਰੇਲਿੰਗ ’ਤੇ ਚੜ੍ਹ ਗਏ। ਇਨ੍ਹਾਂ ਨੇ ਪੈਟਰੋਲ ਦੀਆਂ ਭਰੀਆਂ ਬੋਤਲਾਂ ਵੀ ਚੁੱਕੀਆਂ ਹੋਈਆਂ ਸਨ। ਸਥਾਨਕ ਪੁਲੀਸ ਪ੍ਰਸ਼ਾਸਨ ਨੂੰ ਜਦੋਂ ਇਸ ਸਬੰਧੀ ਪਤਾ ਲੱਗਿਆ ਤਾਂ ਹਫੜਾ-ਦਫੜੀ ਮੱਚ ਗਈ। ਇਸ ਮੌਕੇ ਤਹਿਸਲੀਦਾਰ ਕੁਲਦੀਪ ਸਿੰਘ ਨੇ ਤਾਲਮੇਲ ਕਰਕੇ ਉੱਚ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨ ਦੀ ਮੀਟਿੰਗ ਕਰਵਾਉਣ ਸਬੰਧੀ ਗੱਲਬਾਤ ਕੀਤੀ। ਇਸ ਮਗਰੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਉਨ੍ਹਾਂ ਦੇ ਡਿਪਟੀ ਪ੍ਰਮੁੱਖ ਸਕੱਤਰ ਮਨਕਮਲ ਸਿੰਘ ਚਾਹਲ ਨਾਲ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਅਧਿਆਪਕ ਯੂਨੀਅਨ ਦੇ ਚਾਰ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਮੁੱਖ ਮੰਤਰੀ ਕੋਲ ਪਹੁੰਚਾਉਣ ਦੀ ਗੱਲ ਕੀਤੀ। ਮਨਕਮਲ ਸਿੰਘ ਚਾਹਲ ਨੇ ਯੂਨੀਅਨ ਆਗੂਆਂ ਵੀਰਪਾਲ ਕਮੌਰ ਅਤੇ ਗਗਨਦੀਪ ਸਿੰਘ ਨੂੰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਸੋਮਵਾਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਨੇ ਧਰਨਾ ਸਮਾਪਤ ਕਰ ਦਿੱਤਾ।