ਚੰਡੀਗੜ੍ਹ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਪੰਜਾਬ ਦੌਰੇ ਲਈ ਚੰਡੀਗੜ੍ਹ ਸਥਿਤ ਏਅਰਪੋਰਟ ’ਤੇ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵੇਂ ਮੰਤਰੀ ਮੰਡਲ ਵਿੱਚੋਂ ਭ੍ਰਿਸ਼ਟ ਮੰਤਰੀਆਂ ਨੂੰ ਬਾਹਰ ਕਰਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਮੰਤਰੀਆਂ ਅਤੇ ਅਫ਼ਸਰਾਂ ਖਿਲਾਫ਼ ਪੁਲੀਸ ਕੇਸ ਦਰਜ ਕਰ ਕੇ ਜਾਂਚ ਕੀਤੀ ਜਾਵੇ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਅਸਲ ਦੋਸ਼ੀਆਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਜੇ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨਾ ਚਾਹੁੰਦੀ ਹੈ ਤਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਵਿੱਚ ਸਭ ਕੁਝ ਸਪਸ਼ਟ ਹੈ। ਉਸ ਦੇ ਆਧਾਰ ’ਤੇ ਕਾਰਵਾਈ ਕਰੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਮਹੀਨੇ ਬਾਅਦ ਪੰਜਾਬ ਦੇ ਲੋਕਾਂ ਨੂੰ ਸਥਿਰ ਅਤੇ ਲੋਕ ਪੱਖੀ ਸਰਕਾਰਾਂ ਦਿੱਤੀ ਜਾਵੇਗੀ।