ਮੁਹਾਲੀ: ਕੌਡੀਆਂ ਦੇ ਭਾਅ ਜ਼ਮੀਨਾਂ ਐਕਵਾਇਰ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਰੈਕਟਰ ਮਾਰਚ

ਮੁਹਾਲੀ 

ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਤੇਪਲਾ ਤੋਂ ਸੋਲਖੀਆ ਸਾਹਿਬ (ਰੂਪਨਗਰ) ਤੱਕ 60 ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਅੱਜ ਇਥੇ ਪ੍ਰਦਰਸ਼ਨ ਕੀਤਾ। ਅੱਜ ਸਵੇਰੇ 10 ਵਜੇ ਅਕਾਲੀ ਆਗੂ, ਵਰਕਰ ਅਤੇ ਸਬੰਧਤ ਜ਼ਮੀਨਾਂ ਦੇ ਮਾਲਕ ਕਿਸਾਨ ਗੁਰਦੁਆਰਾ ਅੰਬ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਹੋ ਗਈ। ਇੱਥੇ ਆਰਦਾਸ ਕਰਨ ਉਪਰੰਤ ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਟਰੈਕਟਰ ਮਾਰਚ ਕੀਤਾ ਗਿਆ ਪਰ ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡ ਲਗਾ ਕਿ ਪ੍ਰਸ਼ਨਕਾਰੀਆਂ ਦਾ ਰਾਹ ਰੋਕ ਲਿਆ, ਜਿਸ ਕਾਰਨ ਅਕਾਲੀ ਵਰਕਰ ਚੱਕਾ ਜਾਮ ਕਰਕੇ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕਵਾਇਰ ਕਰਨ ਦੀ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੀ ਕਾਰਵਾਈ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਪੂਰੀ ਨਹੀਂ ਹੋਣ ਦੇਵੇਗਾ।