ਚੰਡੀਗੜ੍ਹ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਉਹ ਲਖਮੀਰਪੁਰ ਖੀਰੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੋਏ ਕਤਲਾਂ ਖਿਲਾਫ ਅਵਾਜ ਬੁਲੰਦ ਕਰਨ ਲਈ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਲਖਮੀਰ ਖੀਰੀ ਜਾਣ। ਨਾਲ ਹੀ ਉਨ੍ਹਾਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਔਖੇ ਸਮੇਂ ਵਿਚ ਸਬਰ ਤੋਂ ਕੰਮ ਲੈਣ ਕਿਉਂਕਿ ਭਾਜਪਾ ਸਰਕਾਰ ਅੰਦੋਲਣ ਨੂੰ ਅਸਫਲ ਕਰਨ ਲਈ ਭੜਕਾਹਟ ਪੈਦਾ ਕਰ ਰਹੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਇਹ ਵੇਲਾ ਸਾਰੇ ਸਿਆਸੀ ਵਖਰੇਵੇਂ ਭੁਲਾ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਖੜਨ ਦਾ ਹੈ ਤਾਂ ਜੋ ਭਾਜਪਾ ਸਰਕਾਰ ਦੀਆਂ ਜ਼ਾਲਮਾਨਾ ਕਾਰਵਾਈਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਹੀ ਸੀ ਜਿੱਥੋਂ ਦੇ ਲੋਕਾਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਭ ਤੋਂ ਪਹਿਲਾਂ ਅਵਾਜ ਬੁਲੰਦ ਕੀਤੀ ਸੀ। ਇਸ ਲਈ ਹੁਣ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਕਿਸਾਨਾਂ ਦਾ ਡੱਟ ਕੇ ਸਾਥ ਦੇਈਏ।
ਸ੍ਰੀ ਜਾਖੜ ਨੇ ਕਿਹਾ ਕਿ ਬੇਸ਼ਕ ਸਾਡੀ ਕੇਂਦਰੀ ਲੀਡਰਸਿ਼ਪ ਲਖਮੀਰਪੁਰ ਖੀਰੀ ਜਾ ਰਹੀ ਹੈ ਪਰ ਪੰਜਾਬ ਦੀ ਲੀਡਰਸ਼ਿਪ ਦੀ ਵੀ ਜ਼ਿੰਮੇਵਾਰੀ ਹੈ ਕਿ ਉਹ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਨਾਲ ਲੈਕੇ ਕਿਸਾਨਾਂ ਨਾਲ ਖੜੇ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੈਂਕੜੇ ਕਿਸਾਨ ਇਸ ਅੰਦੋਲਣ ਦੌਰਾਨ ਆਪਣੀ ਸ਼ਹਾਦਤ ਦੇ ਚੁੱਕੇ ਹਨ ਪਰ ਭਾਜਪਾ ਸਰਕਾਰ ਪੂਰੀ ਤਰਾਂ ਨਾਲ ਪੂੰਜੀਪਤੀਆਂ ਦੇ ਹੱਥਾਂ ਵਿਚ ਖੇਡ ਰਹੀ ਹੈ।