ਚੰਨੀ ਨੇ ਕਿਸਾਨ ਮਸਲੇ ਸੁਲਝਾਉਣ ਲਈ ਸ਼ਾਹ ਦਾ ਨਿੱਜੀ ਦਖ਼ਲ ਮੰਗਿਆ

ਨਵੀਂ ਦਿੱਲੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮੁੱਦੇ ਸੁਲਝਾਉਣ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਨੂੰ ਖੇਤੀ ਕਾਨੂੰਨ ਛੇਤੀ ਹੀ ਰੱਦ ਕਰਨ ਦੀ ਅਪੀਲ ਵੀ ਕੀਤੀ। ਚੰਨੀ ਨੇ ਪੰਜਾਬ ਵਿਚ ਸਰਹੱਦ ਪਾਰੋਂ ਆਉਂਦੇ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਦਾ ਮੁੱਦਾ ਵੀ ਚੁੱਕਿਆ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਰਹੱਦਾਂ ਸੀਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਤੋੜਨ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਚੰਨੀ ਨੇ ਦੋ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਸਮੀ ਮੁਲਾਕਾਤ ਕਰਨ ਮਗਰੋਂ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪਲੇਠੀ ਮੁਲਾਕਾਤ ਕੀਤੀ। ਮੀਟਿੰਗ ਮਗਰੋਂ ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਉਨ੍ਹਾਂ ਨੂੰ ਅੱਜ ਸੁਖਾਵੇਂ ਮਾਹੌਲ ਵਿਚ ਹੋਈ ਗੱਲਬਾਤ ਤੋਂ ਬਾਅਦ ਇਸ ਦੇ ਉਸਾਰੂ ਸਿੱਟੇ ਨਿਕਲਣ ਦੀ ਆਸ ਹੈ। ਮੁੱਖ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦੇ ਹੋਏ ਅਮਿਤ ਸ਼ਾਹ ਨੂੰ ਕਿਹਾ ਕਿ ਇਸ ਸਬੰਧੀ ਛੇਤੀ ਹੀ ਕੋਈ ਫ਼ੈਸਲਾ ਲਿਆ ਜਾਵੇ ਤਾਂ ਜੋ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਇਸ ਸਬੰਧੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਉਹ ਵਿਆਪਕ ਚਰਚਾ ਮਗਰੋਂ ਲਾਂਘਾ ਖੋਲ੍ਹਣ ਬਾਰੇ ਫ਼ੈਸਲਾ ਲੈਣਗੇ।

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਨਵੇਂ ਡੀਜੀਪੀ ਲਈ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਣਾ ਹੈ। ਪੰਜਾਬ ਸਰਕਾਰ ਨੇ ਯੂਪੀਐੱਸਸੀ ਨੂੰ 10 ਨਾਮ ਭੇਜੇ ਸਨ, ਜਿਨ੍ਹਾਂ ਬਾਰੇ ਅਸਿੱਧੇ ਤੌਰ ’ਤੇ ਫ਼ੈਸਲਾ ਕੇਂਦਰੀ ਗ੍ਰਹਿ ਮੰਤਰੀ ਨੇ ਹੀ ਕਰਨਾ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਵਾਂ ਡੀਜੀਪੀ ਲਾਏ ਜਾਣ ਬਾਰੇ ਵੀ ਚਰਚਾ ਕੀਤੀ ਹੋਵੇਗੀ। ਇਸ ਦੀ ਅਧਿਕਾਰਤ ਪੁਸ਼ਟੀ ਤਾਂ ਨਹੀਂ ਹੋ ਸਕੀ, ਪਰ ਇਸ ਬਾਰੇ ਵਿਚਾਰ ਵਟਾਂਦਰਾ ਹੋਣ ਦੀਆਂ ਕਨਸੋਆਂ ਹਨ।

ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਲਖੀਮਪੁਰ ਖੀਰੀ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੇ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਉਨ੍ਹਾਂ ਦੇ ਆਗੂਆਂ ਨੂੰ ਜਿਸ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ, ਉਹ ਨਿੰਦਣਯੋਗ ਹੈ ਅਤੇ ਇਹ ਵਰਤਾਰਾ ਰੁਕਣਾ ਚਾਹੀਦਾ ਹੈ।