ਲਾਲ ਡੋਰੇ ਅੰਦਰ ਲੋਕਾਂ ਨੂੰ ਮਿਲਣਗੇ ਮਾਲਕੀ ਦੇ ਹੱਕ

Chandigarh: Punjab Chief Minister Charanjit Singh Channi addresses a press conference regarding the ‘Mera Ghar Mere Naam’ scheme to bestow proprietary rights on the people living in the houses within the ‘Lal Lakir’ of villages and the cities, in Chandigarh, Monday, Oct. 11, 2021. (PTI Photo)(PTI10_11_2021_000103B)

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਜ਼ਾਰਤ ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਹ ਸਕੀਮ ਸਿਰਫ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਲਾਲ ਲਕੀਰ ਅੰਦਰ ਸ਼ਹਿਰਾਂ ਦੇ ਯੋਗ ਵਾਸੀਆਂ ਲਈ ਵੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਡਿਜੀਟਲ ਮੈਪਿੰਗ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਰਾਹੀਂ ਸਰਵੇ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ। ਇਸ ਤੋਂ ਬਾਅਦ ਸਾਰੇ ਯੋਗ ਵਸਨੀਕਾਂ ਨੂੰ ਢੁੱਕਵੀਂ ਸ਼ਨਾਖਤ/ਤਸਦੀਕ ਕਰਨ ਪਿੱਛੋਂ ਜਾਇਦਾਦ ਦਾ ਮਾਲਿਕਾਨਾ ਹੱਕ ਦੇਣ ਲਈ ਜਾਇਦਾਦ ਕਾਰਡ (ਸੰਨਦ) ਦਿੱਤੇ ਜਾਣਗੇ। ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਇਸ ਸਬੰਧੀ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਜਾਵੇਗਾ। ਲੋਕਾਂ ਪਾਸੋਂ ਕੋਈ ਜਵਾਬ ਨਾ ਆਉਣ ਦੀ ਸੂਰਤ ਵਿਚ ਜਾਇਦਾਦ ਕਾਰਡ ਜਾਰੀ ਕਰ ਦਿੱਤੇ ਜਾਣਗੇ ਜਿਸ ਨਾਲ ਰਜਿਸਟਰੀ ਦਾ ਮੰਤਵ ਪੂਰਾ ਹੋ ਜਾਵੇਗਾ। ਸ੍ਰੀ ਚੰਨੀ ਨੇ ਦੱਸਿਆ ਕਿ ਜਾਇਦਾਦਾਂ ਦੀ ਮਾਲਕੀ ਦੇ ਸਰਟੀਫਕੇਟ ਨਾਲ ਬੈਂਕਾਂ ਪਾਸੋਂ ਕਰਜ਼ਾ ਹਾਸਲ ਕੀਤਾ ਜਾ ਸਕੇਗਾ ਅਤੇ ਲੋਕ ਜਾਇਦਾਦ ਵੇਚ-ਵੱਟ ਸਕਦੇ ਹਨ ਜਿਸ ਨਾਲ ਜਾਇਦਾਦ ਦੀ ਕੀਮਤ ਵਧੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰਾਂ ਵਿਚ ਪੁਰਾਣੀਆਂ ਆਬਾਦੀਆਂ (ਮੁਹੱਲਿਆਂ) ਵਿਚ ਆਉਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਹੇਠ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨਆਰਆਈਜ਼, ਜੋ ਪਿੰਡਾਂ ਤੇ ਸ਼ਹਿਰਾਂ ਵਿਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਉਤੇ ਕਾਬਜ਼ ਹਨ, ਨੂੰ ਵੀ ਇਤਰਾਜ਼ ਉਠਾਉਣ ਲਈ ਸੂਚਿਤ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੀ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਸਕਣ। ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧ ’ਚ ਜਲਦੀ ਹੀ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਲਿਆਏਗੀ। ਸ੍ਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਐੱਨਆਰਆਈਜ਼ ਦੀ ਮਲਕੀਅਤ ਵਾਲੀ ਖੇਤੀ ਜ਼ਮੀਨ ਦੀ ਗਿਰਦਾਵਰੀ ਉਨ੍ਹਾਂ ਦੇ ਨਾਂ ’ਤੇ ਕੀਤੀ ਜਾਵੇਗੀ ਤਾਂ ਜੋ ਕੁਝ ਅਨੈਤਿਕ ਤੱਤਾਂ ਦੁਆਰਾ ਜਾਇਦਾਦਾਂ ਦੀ ਗੈਰਕਨੂੰਨੀ/ਧੋਖਾਧੜੀ ਨਾਲ ਵਿਕਰੀ ਨੂੰ ਰੋਕਿਆ ਜਾ ਸਕੇ। ਦੋ ਕਿਲੋਵਾਟ ਲੋਡ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਬਿਨਾਂ ਹਰੇਕ ਨੂੰ ਇਸ ਮੁਆਫੀ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ 72 ਲੱਖ ਵਿੱਚੋਂ ਰਾਜ ਭਰ ਦੇ ਲਗਭਗ 52 ਲੱਖ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਖਪਤਕਾਰ ਨੂੰ ਆਏ ਪਿਛਲੇ ਬਿੱਲ ਵਿੱਚ ਦਰਸਾਏ ਬਕਾਏ ਹੀ ਮੁਆਫ ਕੀਤੇ ਜਾਣਗੇ।

ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲੋੜੀਂਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੋਲਾ ਮੰਤਰਾਲੇ ਕੋਲ ਪਹਿਲਾਂ ਹੀ ਇਹ ਮੁੱਦਾ ਉਠਾਇਆ ਹੋਇਆ ਹੈ ਤਾਂ ਜੋ  ਸੂਬੇ ’ਚ ਬਿਜਲੀ ਸੰਕਟ ਨੂੰ ਟਾਲਿਆ ਜਾ ਸਕੇ। ਸ੍ਰੀ ਚੰਨੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਲੇ ਦੀ ਕਮੀ ਦੇ ਬਾਵਜੂਦ ਸੂਬੇ ਵਿੱਚ ਬੱਤੀ ਗੁੱਲ ਹੋਣ ਨਹੀਂ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਣਬੁੱਝ ਕੇ ਬਿਜਲੀ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਮੌਜੂਦ ਸਨ।