ਅੰਮ੍ਰਿਤਸਰ,
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅੰਮ੍ਰਿਤਸਰ ਬੱਸ ਅੱਡੇ ਅਤੇ ਸਿਟੀ ਸੈਂਟਰ ’ਤੇ ਛਾਪਾ ਮਾਰਿਆ। ਇਸ ਦੌਰਾਨ ਦਸਤਾਵੇਜ਼ ਨਾ ਦਿਖਾ ਸਕਣ ਵਾਲੀਆਂ ਵੱਖ-ਵੱਖ ਟਰਾਂਸਪੋਰਟਾਂ ਦੀਆਂ 23 ਬੱਸਾਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ’ਚੋਂ ਔਰਬਿਟ ਕੰਪਨੀ ਦੀਆਂ ਤਿੰਨ ਬੱਸਾਂ ਵੀ ਸ਼ਾਮਲ ਹਨ। ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਟੈਕਸ ਦੀ ਚੋਰੀ, ਨਾਜਾਇਜ਼ ਚੱਲਦੀਆਂ ਬੱਸਾਂ ਅਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾ ਭੁਗਤਾਨ ਕੀਤੇ ਬਿਨਾਂ ਪੰਜਾਬ ਦੀਆਂ ਸੜਕਾਂ ’ਤੇ ਕੋਈ ਬੱਸ ਨਹੀਂ ਚੱਲੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਵਿੱਚ ਕੀਤੀ ਸਖ਼ਤੀ ਕਾਰਨ ਪਨਬੱਸ ਅਤੇ ਪੈਪਸੂ ਰੋਡਵੇਜ਼ ਨੂੰ ਰੋਜ਼ਾਨਾ ਲਗਪਗ 40 ਲੱਖ ਰੁਪਏ ਦਾ ਲਾਭ ਹੋਇਆ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸਾਂ, ਟਰੱਕਾਂ ਅਤੇ ਹੋਰ ਵਾਹਨਾਂ ਦੀ ਟੈਕਸ ਸਬੰਧੀ ਜਾਂਚ ਪੜਤਾਲ ਕਰਨ ਸਮੇਤ ਵਾਹਨ ਦੀ ਉਮਰ, ਪ੍ਰਦੂਸ਼ਣ ਦਾ ਪੱਧਰ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਵਾਹਨ ਦੀ ਜਾਂਚ ਕੀਤੀ ਜਾਵੇ ਤਾਂ ਜੋ ਸੜਕਾਂ ’ਤੇ ਚੱਲਦੇ ਇਹ ਵਾਹਨ ਕਿਸੇ ਦੀ ਜਾਨ ਲਈ ਖਤਰਾ ਨਾ ਬਣਨ। ਉਨ੍ਹਾਂ ਬੱਸ ਅੱਡੇ ’ਤੇ ਸਫ਼ਾਈ ਨਾ ਹੋਣ ਕਾਰਨ ਅਧਿਕਾਰੀਆਂ ਦੀ ਖਿਚਾਈ ਕੀਤੀ ਅਤੇ ਭਵਿੱਖ ਵਿੱਚ ਚੁਫੇਰੇ ਸਫ਼ਾਈ ਰੱਖਣ ਲਈ ਪ੍ਰੇਰਿਆ।
ਸਰਕਾਰੀ ਬੱਸਾਂ ਦੀ ਹਾਲਤ ਸੁਧਾਰਨ ਬਾਰੇ ਰਾਜਾ ਵੜਿੰਗ ਨੇ ਦੱਸਿਆ ਕਿ ਟਾਟਾ ਮੋਟਰਜ਼ ਨੂੰ 842 ਨਵੀਆਂ ਬੱਸਾਂ ਦਾ ਆਰਡਰ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੀ ਬਾਡੀ ਦੇ ਟੈਂਡਰ ਵੀ ਹੋ ਚੁੱਕੇ ਹਨ। ਆਸ ਹੈ ਕਿ ਮਹੀਨੇ ਤੱਕ ਨਵੀਆਂ ਸਰਕਾਰੀ ਬੱਸਾਂ ਸੜਕਾਂ ’ਤੇ ਆ ਜਾਣਗੀਆਂ।
ਆਮ ਆਦਮੀ ਪਾਰਟੀ ਪੰਜਾਬ ਬੁਲਾਰੇ ਅਤੇ ਆਰਟੀਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੇ ਰਾਜ ਵਿੱਚ ਸਿਆਸੀ ਆਗੂਆਂ ਦੇ ਟਰਾਂਸਪੋਰਟ ਮਾਫੀਏ ਤੋਂ ਜਾਣੂੰ ਕਰਵਾਇਆ। ਉਨ੍ਹਾਂ ਪੱਤਰ ’ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕੀਤੇ ਜਾਣ ਵਾਲੇ ਬੱਸ ਪਰਮਿਟਾਂ ’ਚ ਸਰਕਾਰੀ ਬੱਸਾਂ ਅਤੇ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਦੀ ਹੱਦ ਨਿਸ਼ਚਿਤ ਹੁੰਦੀ ਹੈ ਪਰ ਅਕਾਲੀ ਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ ਸਿਆਸੀ ਲੋਕਾਂ ਨੂੰ ਪ੍ਰਾਈਵੇਟ ਕੋਟੇ ਤੋਂ ਵੱਧ ਪਰਮਿਟ ਦੇਣ ਲਈ ਟਰਾਂਸਪੋਰਟ ਨੀਤੀ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਕੋਟੇ ਨੂੰ ਅਸਿੱਧੇ ਤੌਰ ’ਤੇ ਖਤਮ ਕਰਨ ਲਈ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਨੂੰ 5-5 ਗੁਣਾ ਵਧਾ ਦਿੱਤਾ ਗਿਆ। ਸ੍ਰੀ ਚੱਢਾ ਨੇ ਦੱਸਿਆ ਕਿ ਹਾਈ ਕੋਰਟ ਨੇ ਦਸੰਬਰ, 2012 ਦੇ ਫ਼ੈਸਲੇ ਵਿੱਚ ਸਪੱਸ਼ਟ ਲਿਖਿਆ ਹੈ ਕਿ ਪ੍ਰਾਈਵੇਟ ਬੱਸਾਂ ਨੂੰ ਫਾਇਦਾ ਦੇਣ ਦੇ ਪਰਮਿਟਾਂ ’ਚ ਇਹ ਗੈਰਕਨੂੰਨੀ ਵਾਧੇ ਸਰਕਾਰੀ ਬੱਸਾਂ ਨੂੰ ਖਤਮ ਕਰਨ ਵਾਲੇ ਹਨ। ਅੱਜ ਤੱਕ ਨਾ ਤਾਂ 5000 ਨਾਜਾਇਜ਼ ਪਰਮਿਟਾਂ ’ਤੇ ਨਾ ਹੀ ਇਨ੍ਹਾਂ ਪਰਮਿਟਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਆਗੂਆਂ ਖ਼ਿਲਾਫ਼ ਕੋਈ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਕਾਰਜਕਾਲ ਵੀ ਲਗਭਗ ਪੂਰਾ ਹੋ ਗਿਆ ਹੈ ਪਰ ਇਹ ਲੁੱਟ ਜਾਰੀ ਹੈ। ‘ਆਪ’ ਆਗੂ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਅਜਿਹੇ ਹਜ਼ਾਰਾਂ ਪਰਮਿਟ ਤੁਰੰਤ ਰੱਦ ਕਰਨ, ਜ਼ਿੰਮੇਵਾਰ ਅਫ਼ਸਰਾਂ ਅਤੇ ਸਿਆਸੀ ਨੁਮਾਇੰਦਿਆਂ ’ਤੇ ਕੇਸ ਦਰਜ ਕਰਵਾਉਣ ਦੀ ਮੰਗ ਕੀਤੀ।