ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਦੇਸ਼ ਵਿਦੇਸ਼ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਰਵਾਨਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਵਿਖੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ।