ਚੰਡੀਗੜ੍ਹ, 11 ਅਗਸਤ ਸੂਬੇ ਵਿੱਚ ਕੋਵਿਡ ਮਹਾਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ 10000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ ’ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟਵਿਟੀ ਦਰ ’ਤੇ ਨਜ਼ਰ ਰੱਖਣ ਲਈ ਕਿਹਾ। ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵੇਲੇ ਸਰਕਾਰੀ ਹਸਪਤਾਲਾਂ ਵਿੱਚ 4307 ਐੱਲ-2 ਬੈੱਡ ਮੌਜੂਦ ਹਨ, ਜੋ 25 ਫ਼ੀਸਦੀ ਵਾਧੇ ਨਾਲ 5387 ਹੋ ਜਾਣਗੇ, ਜਦੋਂਕਿ ਪ੍ਰਾਈਵੇਟ ਹਸਪਤਾਲਾਂ ਵਿੱਚ 6565 ਐੱਲ-2 ਬੈੱਡ ਉਪਲਬੱਧ ਹਨ ਅਤੇ 25 ਫ਼ੀਸਦੀ ਵਾਧੇ ਨਾਲ 1644 ਬੈੱਡ ਹੋਰ ਸ਼ਾਮਲ ਕੀਤੇ ਜਾਣਗੇ। ਕੋਵਿਡ ਕੰਟਰੋਲ ਰੂਮ ਦੇ ਇੰਚਾਰਜ ਅਜੋਏ ਸ਼ਰਮਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਕੋਵਿਡ ਐਪ ਵਿੱਚ ਪੰਜ ਨਵੇਂ ਮੌਡਿਊਲ ਸ਼ਾਮਲ ਕੀਤੇ ਗਏ ਹਨ ਤਾਂ ਜੋ ਕੋਵਿਡ ਡਾਟੇ ਦਾ ਪ੍ਰਬੰਧਨ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਤੋਂ ਇਲਾਵਾ ਡਾਟੇ ਦੀ ਦੁਹਰਾਈ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰ ਜਾਣਗੀਆਂ ਅਤੇ ਕੋਵਾ ਐਪ ’ਤੇ ਉਨ੍ਹਾਂ ਦੀ ਸਿਹਤ ਬਾਰੇ ਰਿਪੋਰਟ ਕਰਨਗੀਆਂ।