ਕੀਵ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਹੈ। ਇਸ ‘ਤੇ ਜ਼ੇਲੇਂਸਕੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ‘ਮਹਾਨ’ ਦੇਸ਼ ਦਾ ਦੌਰਾ ਕਰਕੇ ਖੁਸ਼ੀ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੌਰਾਨ ਜ਼ੇਲੇਂਸਕੀ ਨੂੰ ਸੱਦਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਪੀਐਮ ਮੋਦੀ ਨੇ ਲਗਭਗ 9 ਘੰਟੇ ਦਾ ਕੀਵ ਦੌਰਾ ਕੀਤਾ, ਜੋ ਤਿੰਨ ਦਹਾਕੇ ਪਹਿਲਾਂ ਯੂਕਰੇਨ ਦੇ ਆਜ਼ਾਦ ਹੋਣ ਤੋਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਸੀ। ਦੋਹਾਂ ਨੇਤਾਵਾਂ ਵਿਚਾਲੇ ਗੱਲਬਾਤ ਤੋਂ ਬਾਅਦ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੁਸ਼ਟੀ ਕੀਤੀ ਕਿ ਮੋਦੀ ਨੇ ਜ਼ੇਲੇਂਸਕੀ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਸਾਡੇ ਪ੍ਰਧਾਨ ਮੰਤਰੀ 1992 ਤੋਂ ਬਾਅਦ ਪਹਿਲੀ ਵਾਰ ਯੂਕਰੇਨ ਦੇ ਦੌਰੇ ‘ਤੇ ਆਏ ਹਨ। ਅਜਿਹੇ ਮੌਕਿਆਂ ‘ਤੇ ਉਸ ਲਈ ਸੱਦਾ ਦੇਣਾ ਸੁਭਾਵਿਕ ਹੈ, ਜਿਵੇਂ ਉਸ ਨੇ ਇਸ ਮਾਮਲੇ ਵਿਚ ਕੀਤਾ ਸੀ। ਜੈਸ਼ੰਕਰ ਨੇ ਅੱਗੇ ਕਿਹਾ ਕਿ ਇਸ ਲਈ ਅਸੀਂ ਉਮੀਦ ਕਰਦੇ ਹਾਂ ਕਿ ਰਾਸ਼ਟਰਪਤੀ ਜ਼ੇਲੇਂਸਕੀ ਆਪਣੀ ਸਹੂਲਤ ਅਨੁਸਾਰ ਭਾਰਤ ਦਾ ਦੌਰਾ ਕਰਨਗੇ। ਇਸ ‘ਤੇ ਜ਼ੇਲੇਂਸਕੀ ਨੇ ਕਿਹਾ ਕਿ ਉਹ ਭਾਰਤ ਆ ਕੇ ਬਹੁਤ ਖੁਸ਼ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਦੋ ਦੇਸ਼ ਰਣਨੀਤਕ ਭਾਈਵਾਲੀ ਸ਼ੁਰੂ ਕਰਦੇ ਹਨ ਤਾਂ ਮੈਨੂੰ ਲੱਗਦਾ ਹੈ ਕਿ ਤੁਹਾਨੂੰ ਬਿਨਾਂ ਸਮਾਂ ਬਰਬਾਦ ਕੀਤੇ ਇਕੱਠੇ ਅੱਗੇ ਵਧਣਾ ਚਾਹੀਦਾ ਹੈ। ਯੂਕਰੇਨ ਅਤੇ ਭਾਰਤ ਦੋਵੇਂ ਮਿਲ ਕੇ ਅੱਗੇ ਵਧਣ ਲਈ ਤਿਆਰ ਹਨ। ਯੂਕਰੇਨ ਦੇ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਭਾਰਤ ਉਨ੍ਹਾਂ ਦੇ ਨਾਲ ਰਹੇ।
ਭਾਰਤ ਦੀ ਤਾਰੀਫ ਕਰਦੇ ਹੋਏ ਜ਼ੇਲੇਂਸਕੀ ਨੇ ਕਿਹਾ ਕਿ ਮੈਂ ਤੁਹਾਡੇ ਵੱਡੇ ਅਤੇ ਮਹਾਨ ਦੇਸ਼ ਬਾਰੇ ਬਹੁਤ ਪੜ੍ਹਿਆ ਹੈ। ਇਹ ਬਹੁਤ ਦਿਲਚਸਪ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਤੁਹਾਡੇ ਦੇਸ਼ ਦੀ ਬਹੁਤ ਲੋੜ ਹੈ। ਜ਼ੇਲੇਂਸਕੀ ਨੇ ਕਿਹਾ ਕਿ ਜਿਵੇਂ ਹੀ ਤੁਹਾਡੀ ਸਰਕਾਰ ਅਤੇ ਪ੍ਰਧਾਨ ਮੰਤਰੀ ਮੈਨੂੰ ਮਿਲਣ ਲਈ ਤਿਆਰ ਹੋਣਗੇ, ਮੈਨੂੰ ਭਾਰਤ ਆ ਕੇ ਖੁਸ਼ੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੌਰਾ ਯੂਕਰੇਨ ਦੇ ਹਾਲਾਤ ‘ਤੇ ਵੀ ਨਿਰਭਰ ਕਰੇਗਾ। ਇਸ ਦੌਰਾਨ ਜੈਸ਼ੰਕਰ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਰੂਸ ਨਾਲ ਭਾਰਤ ਦੇ ਊਰਜਾ ਵਪਾਰ ‘ਤੇ ਵੀ ਚਰਚਾ ਹੋਈ।