ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ(High Court) ਨੇ ਪੰਜਾਬ ਸਰਕਾਰ(Punjab Government) ਵੱਲੋਂ ਸਾਲ 2022 ਵਿੱਚ ਰੱਦ ਕੀਤੇ ਗਏ 10 ਲੱਖ 77 ਹਜ਼ਾਰ ਫਰਜ਼ੀ ਕਰਾਰ ਦਿੱਤੇ ਰਾਸ਼ਨ ਕਾਰਡਾਂ (Ration Cards)ਨੂੰ ਮੁੜ ਬਹਾਲ ਕਰਨ ਖ਼ਿਲਾਫ਼ ਦਾਇਰ ਜਨਹਿੱਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਪਟੀਸ਼ਨਰ ਅਨਿਲ ਕੁਮਾਰ ਤਾਇਲ ਨੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਦਾ ਹਵਾਲਾ ਦਿੰਦਿਆਂ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਸਨ। ਸਰਕਾਰ ਦਾ ਤਰਕ ਸੀ ਕਿ ਇਹ ਸਾਰੇ ਰਾਸ਼ਨ ਕਾਰਡ ਫਰਜ਼ੀ ਸਨ। ਹੁਣ ਸਰਕਾਰ ਨੇ ਇਨ੍ਹਾਂ ਸਾਰਿਆਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਇਨ੍ਹਾਂ ਸਾਰਿਆਂ ਨੂੰ ਬਹਾਲ ਕਰਨ ਤੋਂ ਪਹਿਲਾਂ ਨਾ ਤਾਂ ਕੋਈ ਜਾਂਚ ਕੀਤੀ ਗਈ ਅਤੇ ਨਾ ਹੀ ਕੋਈ ਤਸਦੀਕ ਹੋਈ ਹੈ। ਪੰਜਾਬ ਸਰਕਾਰ ਦਾ ਇਹ ਫੈਸਲਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਇਸ ਦਾ ਲਾਭ ਉਠਾਇਆ ਜਾ ਸਕੇ। ਪਟੀਸ਼ਨਰ ਧਿਰ ਵੱਲੋਂ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਸੀ ਕਿ ਪੰਜਾਬ ਸਰਕਾਰ(Punjab sarkar) ਦੇ ਇਸ ਫੈਸਲੇ ’ਤੇ ਰੋਕ ਲਗਾਈ ਜਾਵੇ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣ। ਹਾਈਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ‘ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।