ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ

ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਫਰੀਦਕੋਟ : ਜ਼ਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ’ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਥਾਨਕ ਦਫ਼ਤਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫਰੀਦਕੋਟ ਰਾਜਪਾਲ ਸਿੰਘ, ਪੀਡੀ ਆਤਮਾ ਡਾ. ਅਮਨ ਕੇਸ਼ਵ ਅਤੇ ਇੰਸਪੈਕਟਰ ਸਹਿਕਾਰੀ ਸਭਾ ਫਰੀਦਕੋਟ ਹਰਸਿਮਰਨ ਸਿੰਘ ਮੌਜੂਦ ਸਨ। ਇਸ ਦੌਰਾਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫ਼ੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨ੍ਹਾਂ ਦੀ ਵਰਤੋਂ ਕਰ ਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਮੀਟਿੰਗ ਵਿਚ ਕੀਤੇ ਗਏ ਫ਼ੈਸਲੇ ਅਨੁਸਾਰ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਮਸੀਨਰੀ ਵਰਤਣ ਦਾ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਵਿੱਚ ਕੁੱਲ 644 ਮਸ਼ੀਨਾਂ ਮੌਜੂਦ ਹਨ। ਜਿਸ ਵਿੱਚੋਂ ਤਹਿਸੀਲ ਫਰੀਦਕੋਟ ਵਿੱਚ 172,ਤਹਿਸੀਲ ਕੋਟਕਪੂਰਾ ਵਿੱਚ 222 ਅਤੇ ਤਹਿਸੀਲ ਜੈਤੋਂ ਵਿੱਚ 250 ਮਸ਼ੀਨਾਂ ਹਨ। ਉਨ੍ਹਾਂ ਦੱਸਿਆ ਕਿ 51 ਗ੍ਰਾਮ ਪੰਚਾਇਤਾਂ ਕੋਲ 144 ਖੇਤੀ ਮਸ਼ੀਨਾਂ ਹਨ, ਜਿਸ ’ਤੇ ਵੀ ਇਹੀ ਨਿਯਮ ਲਾਗੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਖੇਤੀ ਮਸ਼ੀਨਰੀ ਨੂੰ ਕਿਰਾਏ ਉੱਤੇ ਲੈ ਕੇ ਜਾਣ ਲਈ 2.5 ਏਕੜ ਮਾਲਕੀ ਵਾਲੇ ਕਿਸਾਨਾਂ ਕੋਲੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ, 2.5 ਤੋਂ 5 ਏਕੜ ਵਾਲੇ ਕਿਸਾਨਾਂ ਤੋਂ ਵੀ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਪਰ ਜੇਕਰ ਉਹ ਨਾਲ ਟਰੈਕਟਰ ਲੈ ਕੇ ਜਾਂਦੇ ਹਨ ਤਾਂ ਉਸ ਦੇ ਡੀਜ਼ਲ ਦਾ ਕਿਰਾਇਆ ਵਸੂਲਿਆ ਜਾਵੇਗਾ ਅਤੇ 5 ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਲਈ ਸਰਕਾਰੀ ਰੇਟ ਵਾਲਾ ਕਿਰਾਇਆ ਵਸੂਲਿਆ ਜਾਵੇਗਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਵੱਲੋਂ ਉਪ ਰਜਿਸਟਰਾਰ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਮਸ਼ੀਨਾਂ ਨੂੰ 28 ਸਤੰਬਰ ਤਕ ਚਾਲੂ ਹਾਲਤ ਵਿੱਚ ਕਰ ਲਿਆ ਜਾਵੇ ਅਤੇ 28 ਸਤੰਬਰ ਤੋਂ ਬਾਅਦ ਮਸ਼ੀਨਰੀ ਸਬੰਧੀ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਜਾਵੇਗੀ। ਉਨਾਂ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮਿੱਥੇ ਟੀਚੇ ਦੀ ਪੂਰਤੀ ਲਈ ਅਤੇ ਜ਼ਿਲ੍ਹਾ ਫਰੀਦਕੋਟ ਨੂੰ ਧੂੰਆਂ ਮੁਕਤ ਕਰਨ ਲਈ ਸਹਿਯੋਗ ਕੀਤਾ ਜਾਵੇ ਜੇਕਰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਿਤ ਖੇਤੀਬਾੜੀ ਅਧਿਕਾਰੀਆਂ, ਸਕੱਤਰ ਸਹਿਕਾਰੀ ਸਭਾ ਨਾਲ ਸੰਪਰਕ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
Political