ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਇਥੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਬਣੇ ਹਾਲਾਤ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਅਧਿਕਾਰਤ ਸੂਤਰਾਂ ਨੇ ਮੀਟਿੰਗ ਦੀ ਪੁਸ਼ਟੀ ਕੀਤੀ ਹੈ, ਪਰ ਉਨ੍ਹਾਂ ਦੇ ਮੀਟਿੰਗ ਵਿੱਚ ਹੋਈ ਗੱਲਬਾਤ ਬਾਰੇ ਕੁਝ ਵੀ ਦੱਸਣ ਤੋਂ ਅਸਮਰਥਾ ਜਤਾਈ। ਸੂਤਰਾਂ ਨੇ ਕਿਹਾ ਕਿ ਮੀਟਿੰਗ ਵਿੱਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਤੇ ਅੱਜ ਹੀ ਕਾਬੁਲ ਤੋਂ ਪਰਤੇ ਅਫ਼ਗਾਨਿਸਤਾਨ ਵਿੱਚ ਭਾਰਤ ਦੇੇ ਰਾਜਦੂਤ ਰੁਦਰੇਂਦਰ ਟੰਡਨ ਵੀ ਸ਼ਾਮਲ ਸਨ।