ਮਰਨ ਵਰਤ ਤੋਂ ਪਹਿਲਾਂ ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ –ਪੰਜਾਬ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ‘ਚ ਲਿਆ ਹੈ। ਉਨ੍ਹਾਂ ਨੂੰ ਰਾਤ ਕਰੀਬ 3.30 ਵਜੇ ਖਨੌਰੀ ਬਾਰਡ ਤੋਂ ਲਿਜਾਇਆ ਗਿਆ। ਜਿੱਥੇ ਉਹ ਅੱਜ ਤੋਂ ਮਰਨ ਵਰਤ ‘ਤੇ ਬੈਠਣ ਜਾ ਰਹੇ ਸਨ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਦੱਸਿਆ ਕਿ ਰਾਤ 3:30 ਵਜੇ ਦੇ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਆ ਕੇ ਜਗਜੀਤ ਸਿੰਘ ਡੱਲੇਵਾਲ ਨੂੰ ਗਿ੍ਫ਼ਤਾਰ ਕਰ ਲਿਆ। ਹਾਲਾਂਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੀ ਥਾਂ ਲਿਜਾਇਆ ਗਿਆ ਹੈ ਪਰ ਹੁਣ ਸੂਚਨਾ ਆ ਰਹੀ ਹੈ ਕਿ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ‘ਚ ਦਾਖ਼ਲ ਕਰਵਾਇਆ ਗਿਆ ਹੈ।

ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਵੱਲੋਂ ਅੱਜ ਤੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣਾ ਸੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਨੂੰ ਕੁਝ ਹੋ ਵੀ ਜਾਂਦਾ ਹੈ ਤਾਂ ਇਹ ਮਰਨ ਵਰਤ ਨਹੀਂ ਰੁਕੇਗਾ, ਉਨ੍ਹਾਂ ਦੀ ਥਾਂ ਕੋਈ ਹੋਰ ਆਗੂ ਮਰਨ ਵਰਤ ‘ਤੇ ਬੈਠ ਜਾਵੇਗਾ। ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਆਪਣੀ ਸਾਰੀ ਜ਼ਮੀਨ-ਜਾਇਦਾਦ ਵਾਰਸਾਂ ਦੇ ਨਾਂ ਕਰ ਦਿੱਤੀ। ਡੱਲੇਵਾਲ ਨੇ ਕੱਲ੍ਹ ਹੀ ਕਿਹਾ ਸੀ ਕਿ 13 ਫਰਵਰੀ ਤੋਂ ਹਰਿਆਣਾ ਸਰਹੱਦ ਸ਼ੰਭੂ ਅਤੇ ਖਨੌਰੀ ਵਿਖੇ ਲਗਾਤਾਰ ਅੰਦੋਲਨ ਚੱਲ ਰਿਹਾ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।

ਧਿਆਨ ਦੇਣ ਯੋਗ ਹੈ ਕਿ ਫਰਵਰੀ ਮਹੀਨੇ ‘ਚ ਤਤਕਾਲੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਤੇ ਖੁਰਾਕ ਤੇ ਸਪਲਾਈ ਮੰਤਰੀ ਪਿਊਸ਼ ਗੋਇਲ ਨਾਲ 6 ਮੀਟਿੰਗਾਂ ਹੋਈਆਂ ਸਨ ਪਰ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ ਸੀ ਕਿਉਂਕਿ ਉਸ ਸਮੇਂ ਲੋਕ ਸਭਾ ਚੋਣਾਂ ਸਨ। ਇਸ ਲਈ ਗੱਲਬਾਤ ਉੱਥੇ ਹੀ ਰੁਕ ਗਈ ਸੀ ਪਰ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਵਿਚਾਲੇ ਕੋਈ ਗੱਲਬਾਤ ਸ਼ੁਰੂ ਨਹੀਂ ਹੋਈ।

ਹਾਲਾਂਕਿ ਇਸ ਦੌਰਾਨ ਸੁਪਰੀਮ ਕੋਰਟ ਨੇ ਵੀ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਸੀ ਜਿਸ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਕੇ ਸ਼ੰਭੂ ਬੈਰੀਅਰ ਤੋਂ ਕੌਮੀ ਮਾਰਗ ਖੋਲ੍ਹਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵੀ ਰਿਪੋਰਟ ਦੇਣ ਲਈ ਕਿਹਾ ਗਿਆ। ਪਿਛਲੇ ਹਫ਼ਤੇ ਹੀ ਸੁਪਰੀਮ ਕੋਰਟ ਵੱਲੋਂ ਗਠਿਤ ਇਸ ਕਮੇਟੀ ਨੇ ਆਪਣੀ ਅੰਤਿਮ ਰਿਪੋਰਟ ਦੇ ਦਿੱਤੀ ਹੈ ਪਰ ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਮਰਨ ਵਰਤ ਦਾ ਐਲਾਨ ਕਰ ਦਿੱਤਾ ਸੀ।