ਫਿਰਕੂ ਸਦਭਾਵਨਾ ਯਕੀਨੀ ਬਣਾਉਣ ਪੁਲੀਸ ਅਧਿਕਾਰੀ: ਡੀਜੀਪੀ

ਜਲੰਧਰ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਅੱਜ ਸੂਬੇ ਦੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਯਕੀਨੀ ਬਣਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਹ ਅੱਜ ਇੱਥੇ ਪੰਜਾਬ ਆਰਮਡ ਪੁਲੀਸ (ਪੀਏਪੀ) ਕੈਂਪਸ ਵਿੱਚ ਸੂਬਾ ਪੱਧਰੀ ਅਪਰਾਧ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇੰਟੈਲੀਜੈਂਟ ਤੇ ਸਮਾਰਟ ਪੁਲੀਸਿੰਗ ਜਿਸ ਵਿੱਚ ਤਕਨਾਲੋਜੀ ਅਤੇ ਟਰੇਡ ਕ੍ਰਾਫ਼ਟ ਦੀ ਵਰਤੋਂ ਸ਼ਾਮਲ ਹੈ, ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੋੜ ਹੈ। ਇਹ ਮੀਟਿੰਗ ਹਾਲ ਹੀ ਵਿੱਚ ਸੂਬੇ ’ਚ ਗ੍ਰੇਨੇਡ ਤੇ ਆਰਡੀਐਕਸ ਨਾਲ ਲੈਸ ਟਿਫਿਨ ਬਾਕਸ ਮਿਲਣ ਤੋਂ ਇਲਾਵਾ ਹੋਰ ਹਥਿਆਰਾਂ ਤੇ ਗੋਲਾ-ਬਾਰੂਦ ਦੀ ਬਰਾਮਦਗੀ ਦੇ ਮੱਦੇਨਜ਼ਰ ਕੀਤੀ ਗਈ। ਰੇਲਵੇ ਦੇ ਵਿਸ਼ੇਸ਼ ਡੀਜੀਪੀ ਸੰਜੀਵ ਕਾਲੜਾ, ਏਡੀਜੀਪੀ (ਅੰਦਰੂਨੀ ਸੁਰੱਖਿਆ) ਆਰਐੱਨ ਢੋਕੇ ਅਤੇ ਏਡੀਜੀਪੀ ਇੰਟੈਲੀਜੈਂਸ ਵਰਿੰਦਰ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ। ਡੀਜੀਪੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਦਿਆਂ ਤੁਰੰਤ ਫੌਜਦਾਰੀ ਕੇਸ ਦਰਜ ਕੀਤੇ ਜਾਣ।