ਚੌਧਰੀ ਸੰਤੋਖ ਸਿੰਘ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ

ਜਲੰਧਰ

ਸਮਾਰਟ ਸਿਟੀ ਪ੍ਰਾਜੈਕਟ ਤਹਿਤ 1984.50 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਨਤੀਜਾ ਮੁਖੀ ਢੰਗ ਨਾਲ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਲੰਧਰ ਸਮਾਰਟ ਸਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਮੈਂਬਰ, ਜਿਨ੍ਹਾਂ ਨਾਲ ਮੇਅਰ ਜਗਦੀਸ ਰਾਜ ਰਾਜਾ ਵੀ ਮੌਜੂਦ ਸਨ, ਨੇ ਸਰਫੇਸ ਵਾਟਰ ਪ੍ਰਾਜੈਕਟ, ਬਰਲਟਨ ਪਾਰਕ ਸਪੋਰਟਸ ਹੱਬ ਅਤੇ ਖੇਤਰ ਆਧਾਰਿਤ ਵਿਕਾਸ ਪ੍ਰੋਗਰਾਮ, ਸਮਾਰਟ ਸੜਕਾਂ ਅਤੇ ਹੋਰ ਪ੍ਰਾਜੈਕਟ ਸਮੇਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਬਾਇਓ-ਮਾਈਨਿੰਗ ਪ੍ਰਾਜੈਕਟ, ਆਫਤ ਪ੍ਰਬੰਧਨ ਗਤੀਵਿਧੀਆਂ ਸਬੰਧੀ ਯੋਜਨਾ, ਐੱਲਈਡੀ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਫਲਾਈਓਵਰ ਦੇ ਹੇਠਾਂ ਗ੍ਰੀਨ ਬੈਲਟ ਵਿਕਸਤ ਕਰਨਾ, ਪਾਰਕਾਂ ਦਾ ਨਿਰਮਾਣ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਵੀ ਜਾਇਜ਼ਾ ਲਿਆ।