ਮੋਗਾ,
ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਦੋ ਸਤੰਬਰ ਦੀ ਰੈਲੀ ਦੌਰਾਨ ਹੋਈ ਹਿੰਸਾ ਲਈ ਜ਼ਿੰਮੇਵਾਰ ਦੱਸੇ ਜਾਂਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਵਾਂ ਵਾਲੀ ਸੂਚੀ ਵਾਇਰਲ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਜਾਰੀ ਕੀਤੀ ਦੱਸੀ ਜਾਂਦੀ ਇਸ ਸੂਚੀ ਵਿੱਚ ਕਾਂਗਰਸ ਅਤੇ ‘ਆਪ’ ਵਰਕਰਾਂ ਦੇ ਨਾਂ ਅਤੇ ਪਤੇ ਦਰਜ ਹਨ। ਲਾਠੀਚਾਰਜ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਆਹਮੋ-ਸਾਹਮਣੇ ਹੋਣ ਮਗਰੋਂ ਸਥਾਨਕ ਪੁਲੀਸ ਇਸ ਸੂਚੀ ਤੇ ਮਾਮਲੇ ਦੀ ਅੰਦਰੂਨੀ ਪੜਤਾਲ ’ਚ ਜੁਟ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ਵਿਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿੱਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ, ਜਿਸ ਕਰਕੇ ਅਕਾਲੀ ਆਗੂ ਮੁਆਫੀ ਦੇ ਲਾਇਕ ਨਹੀਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲ ਜਾਂਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਜਗ੍ਹਾ ਸੁਖਬੀਰ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੋ ਰਹੇ ਹਨ।