ਧੂਰੀ,
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 348 ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਮਜ਼ਦੂਰ ਯੂਨੀਅਨਾਂ ਵੱਲੋਂ ਪਟਿਆਲਾ ਵਿਖੇ ਕੀਤੀ ਰੈਲੀ ਕਾਮਯਾਬ ਰਹੀ ਤੇ ਮਜ਼ਦੂਰ ਸਾਥੀਆਂ ਨੇ ਕੈਪਟਨ ਤੇ ਕੇਂਦਰ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਇੱਕ ਦਿਨ ਕਿਸਾਨਾਂ ਅੱਗੇ ਝੁਕਣਾ ਪਵੇਗਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਵੇਗਾ। ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਘਨੌਰ (ਪੱਤਰ ਪ੍ਰੇਰਕ); ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਆਰੰਭੇ ਗਏ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ ਕੇ ਹੋਰ ਮਜ਼ਬੂਤੀ ਦੇਣ ਲਈ ਪਿੰਡ ਹਰਪਾਲਪੁਰ ਵਾਸੀ ਵੱਡੀ ਕਿਸਾਨਾਂ ਦਾ ਕਾਫਲਾ ਕਿਸਾਨ ਆਗੂ ਭਗਵਾਨ ਸਿੰਘ ਖਾਲਸਾ, ਸੰਤ ਜੈ ਸਿੰਘ, ਲਾਭ ਸਿੰਘ, ਜਾਗਰ ਸਿੰਘ, ਰਣਧੀਰ ਸਿੰਘ, ਚਰਨ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ ਅਤੇ ਦਲਜੀਤ ਸਿੰਘ ਦੀ ਸਾਂਝੀ ਅਗਵਾਈ ਵਿੱਚ ਸਿੰਘੂ ਬਾਰਡਰ ਲਈ ਰਵਾਨਾ ਹੋਇਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਲਹਿਲ ਖੁਰਦ ਕੈਂਚੀਆਂ ’ਤੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 348ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਕੁਝ ਭਾਜਪਾਈਆਂ ਨੂੰ ਭੜਕਾਓ ਬਿਆਨ ਦੇਣ ਤੋਂ ਵਰਜਦਿਆਂ ਕਿਹਾ ਕਿ ਸੰਘਰਸ਼ ਲੜ ਰਹੇ ਕਿਰਤੀ ਲੋਕ ਅਜਿਹੇ ਲੋਕਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ।