ਤਰਨਤਾਰਨ, 10 ਨਵੰਬਰ : ਖਾਲੜਾ ਦੇ ਪਿੰਡ ਮਾੜੀ ਮੇਘਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀ ਮੇਘਾ ਦੇ ਭਰਾ ਜੈਮਲ ਸਿੰਘ ਨੇ ਆਪਣੀ ਪਤਨੀ ਹਰਜੀਤ ਕੌਰ ਨੂੰ ਗੋਲੀ ਮਾਰਨ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਦਿੱਤੀ। ਦੋਵਾਂ ਨੂੰ ਗੋਲੀ ਲੱਗਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਉਸ ਦੀ ਪਤਨੀ ਹਰਜੀਤ ਕੌਰ ਨੂੰ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ ਸੀ ਜਿਸ ਦੀ ਉੱਥੇ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਕਾਰਨ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜੈਮਲ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ। ਉਸ ਦਾ ਇਲਾਜ ਚੱਲ ਰਿਹਾ ਸੀ ਕਿ ਅਚਾਨਕ ਸਵੇਰੇ 8 ਵਜੇ ਦੇ ਕਰੀਬ ਉਸ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ ਤੇ ਇਸ ਮਗਰੋਂ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਅਕਾਲੀ ਆਗੂ ਦੇ ਭਰਾ ਜੈਮਲ ਸਿੰਘ ਨੇ ਪਤਨੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
