ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 32 ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਅਹਿਮ ਫ਼ੈਸਲੇ ਲਏ। ਇਨ੍ਹਾਂ ਫ਼ੈਸਲਿਆਂ ਦਾ ਐਲਾਨ ਉਨ੍ਹਾਂ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਰਾਹੀਂ ਕੀਤਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਸਾਰੀਆਂ ਯੂਨੀਅਨਾਂ ਨਾਲ ਲੰਬੀ ਚਰਚਾ ਹੋਈ। ਉਨ੍ਹਾਂ ਨੇ 18 ਪੁਆਇੰਟ ਸਰਕਾਰ ਨੂੰ ਲਿਖ ਕੇ ਭੇਜੇ ਸਨ ਜਿਨ੍ਹਾਂ ‘ਤੇ ਉਹ ਵਿਚਾਰ ਕਰਨਾ ਚਾਹੁੰਦੇ ਸੀ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਕਿਸਾਨ ਯੂਨੀਅਨਾਂ ਦੇ ਬਹੁਤ ਵਧੀਆ ਤਰੀਕੇ ਨਾਲ ਆਪਸੀ ਤਾਲਮੇਲ ਨਾਲ ਵਧੀਆ ਮੀਟਿੰਗ ਹੋਈ ਹੈ। ਇਸ ਦੌਰਾਨ ਲਗਪਗ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਇਸ ਤੋਂ ਇਲਾਵਾ ਮੌਕੇ ‘ਤੇ ਦੱਸੀਆਂ 3-4 ਮੰਗਾਂ ਵੀ ਮੰਨ ਲਈਆਂ ਗਈਆਂ। ਉਨ੍ਹਾਂ ਕਿਸਾਨ ਯੂਨੀਅਨਾਂ ਦਾ ਧੰਨਵਾਦ ਕੀਤਾ ਕਿ ਪੰਜਾਬ ਦੇ ਕਿਸਾਨਾਂ ਲਈ ਉਹ ਬਹੁਤ ਵੱਡੀ ਲੜਾਈ ਲੜ ਰਹੀਆਂ ਹਨ। ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਤਕ ਜਿੰਨੇ ਵੀ ਕਿਸਾਨਾਂ ‘ਤੇ ਇਸ ਮਾਮਲੇ ‘ਚ ਪਰਚੇ ਦਰਜ ਹੋਏ ਹਨ, ਉਹ ਸਾਰੇ ਜਲਦ ਵਾਪਸ ਲਏ ਜਾਣਗੇ। ਨਾਲ ਹੀ ਉਨ੍ਹਾਂ ਅੱਗੇ ਤੋਂ ਅਜਿਹਾ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸੜਨ ਨਾਲ ਪ੍ਰਦੂਸ਼ਣ ਪੈਦਾ ਹੁੰਦਾ ਹੈ। ਇਸ ਲਈ ਬਚਾਅ ‘ਚ ਹੀ ਭਲਾਈ ਹੈ।
ਚੰਨੀ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਪਰ ਦਰਜ ਪਰਚੇ ਰੱਦ ਕਰਨ ਦਾ ਦਿੱਤਾ ਭਰੋਸਾ, ਨਾਲ ਹੀ ਕੀਤੀ ਇਹ ਅਪੀਲ
