ਪੰਜਾਬ ’ਚ ਰਾਸ਼ਟਰਪਤੀ ਰਾਜ ਹੋਵੇ ਲਾਗੂ : ਕੈਪਟਨ

ਚੰਡੀਗਡ਼੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਰੋਕੇ ਜਾਣ ’ਤੇ ਸੁਰੱਖਿਆ ਵਿਚ ਵੱਡੀ ਕੁਤਾਹੀ ਦੱਸਦੇ ਹੋਏ ਸੂਬੇ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹੋਏ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।

ਸਾਬਕਾ ਮੁੱਖ ਮੰਤਰੀ ਅਮਰਿੰਦਰ ਨੇ ਕਿਹਾ, ‘‘ਇਹ ਸਰਕਾਰ ਸੱਤਾ ਵਿਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ। ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਤੇ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ’’

ਸਾਬਕਾ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇ ਸੁਰੱਖਿਆ ਵਿਚ ਪੂਰੀ ਤਰ੍ਹਾਂ ਨਾਲ ਨਾਕਾਮੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪੈ ਸਕਦੇ ਹਨ ਤਾਂ ਪੰਜਾਬ ਚ ਰਹਿਣ ਵਾਲੇ ਆਮ ਵਿਅਕਤੀ ਦੀ ਕੀ ਹਾਲਤ ਹੋਵੇਗੀ? ਅਮਰਿੰਦਰ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਵਿਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਵਿਗਾਡ਼ਨ ਲਈ ਜਾਣ ਬੁੱਝ ਕੇ ਕੀਤਾ ਗਿਆ ਸੀ ਕਿਉਂਕਿ ਉਹ 50 ਹਜ਼ਾਰ ਕਰੋਡ਼ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਲੇ ਸਨ, ਜਿਨ੍ਹਾਂ ਦਾ ਫ਼ਾਇਦਾ ਸੂਬੇ ਦੇ ਲੋਕਾਂ ਨੂੰ ਮਿਲਦਾ। ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਰਕਾਰ ਇੰਨੀ ਹੇਠਾਂ ਡਿੱਗ ਗਈ ਕਿ ਇਸ ਨੇ ਰੈਲੀ ਵਿਚ ਰੁਕਾਵਟ ਪਾ ਦਿੱਤੀ ਅਤੇ ਪ੍ਰਧਾਨ ਮੰਤਰੀ ਨੂੰ ਉਚਿਤ ਸੁਰੱਖਿਆ ਵਿਵਸਥਾ ਨਹੀਂ ਮੁੱਹਈਆ ਕਰਵਾਈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇ ਉਹ ਵਿਰੋਧੀ ਪਾਰਟੀਆਂ ਸਬੰਧਤ ਹਨ, ਤਾਂ ਇਸਦਾ ਅਰਥ ਇਹ ਨਹੀਂ ਹੁੰਦਾ ਕਿ ਤੁਸੀਂ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਵਿਗਾਡ਼ ਦਿਓ। ਆਖਿਰਕਾਰ ਉਹ (ਮੋਦੀ) ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ।

Punjab