ਪੰਜਾਬ ਦੇ ਸਰਕਾਰੀ ਡਾਕਟਰਾਂ ਵੱਲੋਂ ਹੜਤਾਲ ’ਤੇ ਜਾਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਵਿੱਚ ਡਾਕਟਰਾਂ ਨੇ ਆਪਣੀਆਂ ਮੰਗਾਂ ਲਈ ਆਗਾਮੀ 9 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐਮਐਸ) ਵੱਲੋਂ ਪਿਛਲੇ ਲੰਬੇੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਡਾਕਟਰਾਂ ਮੰਗਾਂ ਸਬੰਧੀ ਕੀਤਾ ਗਿਆ ਹੈ। ਡਾਕਟਰਾਂ ਦੀ ਮੰਗ ਹੈ ਕਿ 6ਵੇਂ ਸੀਪੀਸੀ ਦਾ ਬਕਾਇਆ ਡੀਏ ਤੇ ਰੁਕੀਆਂ ਹੋਈਆਂ ਤਰੱਕੀਆਂ ਅਤੇ ਡਾਕਟਰਾਂ ਦੀਆਂ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐੱਮਐੱਸ) ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਅੰਦੋਲਨ ਦੀ ਮੁਕੰਮਲ ਰੂਪ-ਰੇਖਾ ਦਾ ਐਲਾਨ 28 ਅਗਸਤ ਨੂੰ ਕੀਤਾ ਜਾਵੇਗਾ। ਸਰੀਨ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਵਿੱਚ ਅਸਫ਼ਲ ਰਹੀ ਹੈ, ਜਿਨ੍ਹਾਂ ਵਿੱਚ ਤਰੱਕੀਆਂ ਅਤੇ ਡੀਏ ਦਾ ਬਕਾਇਆ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪੀਸੀਐੱਮਐੱਸ ਦੀਆਂ ਮੰਗਾਂ ਬਾਰੇ ਵਿਚਾਰ-ਚਰਚਾ ਲਈ 27 ਅਗਸਤ ਨੂੰ ਮੀਟਿੰਗ ਸੱਦੀ ਹੈ। ਜੇ ਇਸ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਜਥੇਬੰਦੀ ਵੱਲੋਂ 9 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਐਸੋਸੀਏਸ਼ਨ ਨੇ ਸੂਬਾ ਸਰਕਾਰ ਵੱਲੋਂ 4 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ 400 ਰੈਗੂਲਰ (ਪੀਸੀਐਮਐਸ) ਮੈਡੀਕਲ ਅਫਸਰਾਂ ਦੀ ਭਰਤੀ ਕਰਨ ਦੇ ਸਰਕਾਰ ਫੈਸਲੇ ਦਾ ਸਵਾਗਤ ਕੀਤਾ ਹੈ।